15 ਸੀਨੀਅਰ ਆਗੂਆਂ ਦੀ ਲੱਗੀ ਡਿਊਟੀ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਅਟਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਸੂਬੇ ਦੇ 15 ਸੀਨੀਅਰ ਆਗੂਆਂ ਦੀ ਡਿਊਟੀ ਵੀ ਲਗਾ ਦਿੱਤੀ। ਇਹ ਆਗੂ ਭਾਜਪਾ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕਰਨਗੇ ਅਤੇ ਪਾਰਟੀ ਦੀਆਂ ਹੋਣ ਵਾਲੀਆਂ ਵੱਖ-ਵੱਖ ਮੀਟਿੰਗਾਂ ਵਿਚ ਵੀ ਸ਼ਾਮਲ ਹੋਣਗੇ। ਹਰਿਆਣਾ ਦੇ ਇਨ੍ਹਾਂ ਆਗੂਆਂ ਵਿਚ ਮਨੀਸ਼ ਕੁਮਾਰ ਗਰੋਵਰ, ਸੁਨੀਤਾ ਦੁੱਗਲ, ਕ੍ਰਿਸ਼ਨ ਪਵਾਰ, ਰਣਬੀਰ ਗੰਗਵਾ ਅਤੇ ਵਿਨੋਦ ਭਿਆਨਾ ਦਾ ਨਾਮ ਵਰਨਣਯੋਗ ਹੈ। ਇਸ ਦੇ ਚੱਲਦਿਆਂ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ 2024 ਵਿਚ ਲੋਕ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ। ਇਸ ਕਰਕੇ ਜਲੰਧਰ ਦੀ ਜ਼ਿਮਨੀ ਚੋਣ ਭਾਜਪਾ ਲਈ ਮਹੱਤਵਪੂਰਨ ਹੈ। ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਜਲੰਧਰ ਵਿਚ ਕਾਂਗਰਸ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਵੇਗਾ। ਕਿਹੜੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਇਹ 13 ਮਈ ਨੂੰ ਆਉਣ ਵਾਲੇ ਚੋਣ ਨਤੀਜੇ ਤੋਂ ਬਾਅਦ ਹੀ ਪਤਾ ਲੱਗੇਗਾ।