ਆਰ.ਪੀ. ਸਿੰਘ ਨੇ ਕਿਹਾ : ਭਾਜਪਾ ਆਪਣੇ ਦਮ ’ਤੇ ਲੜੇਗੀ ਅਗਾਮੀ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਫਿਰ ਤੋਂ ਗਠਜੋੜ ਕਰਨ ਦੀ ਤਿਆਰੀ ਵਿਚ ਹਨ। ਇਸੇ ਦੌਰਾਨ ਇਨ੍ਹਾਂ ਸਾਰੇ ਤਰ੍ਹਾਂ ਦੀਆਂ ਚਰਚਾਵਾਂ ਨੂੰ ਭਾਜਪਾ ਦੇ ਪੰਜਾਬ ਤੋਂ ਬੁਲਾਰੇ ਆਰ.ਪੀ. ਸਿੰਘ ਨੇ ਅਫਵਾਹ ਦੱਸਿਆ। ਆਰਪੀ ਸਿੰਘ ਨੇ ਕਿਹਾ ਕਿ ਉਹ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਵਿਚ ਗਏ ਹਨ, ਜਿੱਥੇ ਲੋਕਾਂ ਨੂੰ ਕਹਿੰਦੇ ਸੁਣਿਆ ਗਿਆ ਕਿ ਭਾਜਪਾ ਅਤੇ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਮਿਲ ਕੇ ਲੜਨਗੇ। ਇਸ ਦੌਰਾਨ ਆਰਪੀ ਸਿੰਘ ਨੇ ਕਿਹਾ ਕਿ ਭਾਜਪਾ 2024 ਹੀ ਨਹੀਂ, ਸਗੋਂ 2027 ਵਿਚ ਵੀ ਅਕਾਲੀ ਦਲ ਦੇ ਨਾਲ ਗਠਜੋੜ ਕਰਕੇ ਚੋਣ ਨਹੀਂ ਲੜੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਜਪਾ ਆਪਣੇ ਦਮ ’ਤੇ ਹੀ ਇਕੱਲਿਆਂ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਇਕ ਵੱਡੀ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਹਿੱਤ ਵਿਚ ਲਗਾਤਾਰ ਕੰਮ ਕਰ ਰਹੇ ਹਨ। ਆਰਪੀ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਵੀ ਪ੍ਰਧਾਨ ਮੰਤਰੀ ਦੇ ਕੰਮਾਂ ਤੋਂ ਖੁਸ਼ ਨਜ਼ਰ ਆ ਰਹੇ ਹਨ।