ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਕਿਹਾ : ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਸਬੰਧੀ ਐੱਫਆਈਆਰ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐਸ. ਨਰਸਿਮਹਾ ਦੇ ਬੈਂਚ ਕੋਲ ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐੱਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ 28 ਅਪਰੈਲ ਨੂੰ ਪਹਿਲਵਾਨਾਂ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਲੀ ਪੁਲਿਸ ਆਪਣਾ ਪੱਖ ਰੱਖ ਸਕਦੀ ਹੈ। ਇਸੇ ਦੌਰਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ ਦਿੱਲੀ ਦੇ ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਚੌਥੇ ਦਿਨ ਬੁੱਧਵਾਰ ਨੂੰ ਵੀ ਜਾਰੀ ਰਿਹਾ। ਜ਼ਿਕਰਯੋਗ ਹੈ ਕਿ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸ਼ੀ ਸ਼ੋਸ਼ਣ ਦੇ ਆਰੋਪ ਲੱਗੇ ਹਨ ਅਤੇ ਇਨ੍ਹਾਂ ਆਰੋਪਾਂ ਦੀ ਜਾਂਚ ਲਈ ਬਣਾਈ ਕਮੇਟੀ ਦੀ ਰਿਪੋਰਟ ਜਨਤਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਨੇ ਨਵੀਂ ਦਿੱਲੀ ਵਿਖੇ ਜੰਤਰ ਮੰਤਰ ’ਤੇ ਧਰਨਾ ਲਗਾਇਆ ਹੋਇਆ ਹੈ। ਇਸੇ ਦੌਰਾਨ ਉਲੰਪੀਅਨ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਇੱਥੇ ਪ੍ਰੈਕਟਿਸ ਵੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਸਾਨੂੰ ਦੇਸ਼ ਲਈ ਤਮਗੇ ਜਿੱਤਣ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਇਸ ਜ਼ਿੰਮੇਵਾਰੀ ਨੂੰ ਨਿਭਾਉਣਾ ਵੀ ਹੈ। ਧਿਆਨ ਰਹੇ ਕਿ ਪਹਿਲਵਾਨਾਂ ਦੇ ਇਸ ਧਰਨੇ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਪਹੁੰਹੇ। ਜ਼ਿਕਰਯੋਗ ਹੈ ਕਿ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨਾਂ ਦਾ ਸਮਰਥਨ ਵੀ ਮਿਲ ਰਿਹਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …