Breaking News
Home / ਪੰਜਾਬ / ਨਵਜੋਤ ਸਿੱਧੂ ਜ਼ੈਡ ਪਲੱਸ ਸੁਰੱਖਿਆ ਲਈ ਪਹੁੰਚੇ ਹਾਈ ਕੋਰਟ

ਨਵਜੋਤ ਸਿੱਧੂ ਜ਼ੈਡ ਪਲੱਸ ਸੁਰੱਖਿਆ ਲਈ ਪਹੁੰਚੇ ਹਾਈ ਕੋਰਟ

ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰ ਜੈਡ ਪਲੱਸ ਸੁਰੱਖਿਆ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਿੱਧ ਵੱਲੋਂ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੀ ਵਾਈ ਸ਼ੇ੍ਰਣੀ ਦੀ ਸੁਰੱਖਿਆ ਨੂੰ ਵਧਾ ਕੇ ਜ਼ੈਡ ਪਲੱਸ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਨਵਜੋਤ ਸਿੱਧੂ ਨੇ ਕੋਰਟ ’ਚ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਕਈ ਵਾਰ ਮਿਲ ਚੁੱਕੀ ਹੈ, ਜਿਸ ਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਜੈਡ ਪਲੱਸ ਸੁਰੱਖਿਆ ਦਿੱਤੀ ਗਈ ਸੀ। ਪ੍ਰੰਤੂ ਜਦੋਂ ਉਹ ਰੋਡਰੇਜ਼ ਮਾਮਲੇ ’ਚ ਜੇਲ੍ਹ ਗਏ ਤਾਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ਜਦਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਦੋਂ ਉਹ ਜੇਲ੍ਹ ਤੋਂ ਬਾਹਰ ਆਉਣਗੇ ਤਾਂ ਉਨ੍ਹਾਂ ਨੂੰ ਜੈਡ ਪਲੱਸ ਸੁਰੱਖਿਆ ਵਾਪਸ ਦਿੱਤੀ ਜਾਵੇਗੀ ਪ੍ਰੰਤੂ ਅਜਿਹਾ ਨਹੀਂ ਹੋਇਆ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਨੂੰ ਵਾਈ ਸ਼ੇ੍ਰਣੀ ਦੀ ਸੁਰੱਖਿਆ ਦਿੱਤੀ ਗਈ ਹੈ। ਸਿੱਧੂ ਨੇ ਆਪਣੀ ਪਟੀਸ਼ਨ ਵਿਚ ਇਹ ਵੀ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਘਰ ਦੀ ਛੱਤ ’ਤੇ ਇਕ ਅਣਪਛਾਤੇ ਵਿਅਕਤੀ ਨੂੰ ਵੀ ਦੇਖਿਆ ਗਿਆ ਸੀ ਅਤੇ ਪਟਿਆਲਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਵੀ ਦਰਜ ਕੀਤਾ ਹੈ। ਸੁਰੱਖਿਆ ਨੂੰ ਲੈ ਕੇ ਸਿੱਧੂ ਵੱਲੋਂ ਪਾਈ ਗਈ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਲਕੇ ਵੀਰਵਾਰ ਨੂੰ ਸੁਣਵਾਈ ਕੀਤੀ ਜਾਵੇਗੀ।

 

Check Also

ਪੰਜਾਬ ਸਰਕਾਰ ਵੱਲੋਂ ਕਰਵਾਈ ਜਾਵੇਗੀ ਮਹਿਲਾਵਾਂ ਦੀ ਕੈਂਸਰ ਸਕਰੀਨਿੰਗ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …