6.4 C
Toronto
Saturday, November 8, 2025
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ

ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ

ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਲੰਬੀ/ਬਿਊਰੋ ਨਿਊਜ਼ : ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਜੋ ਇਸ ਫਾਨੀ ਸੰਸਾਰ ਨੂੰ ਬੀਤੇ ਮੰਗਲਵਾਰ ਨੂੰ ਅਲਵਿਦਾ ਆਖ ਗਏ ਸਨ, ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਰਥੀ ਨੂੰ ਮੋਢਾ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤਾ ਗਿਆ। ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਅਨੰਤਵੀਰ ਬਾਦਲ, ਗੁਰਲੀਨ ਕੌਰ ਬਾਦਲ ਅਤੇ ਹਰਲੀਨ ਕੌਰ ਬਾਦਲ ਵਿਰਲਾਪ ਕਰਦੇ ਹੋਏ ਨਜ਼ਰ ਆਏ। ਇਸ ਮਗਰੋਂ ਬਾਦਲ ਦੇ ਜੱਦੀ ਘਰ ਤੋਂ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਈ ਅਤੇ ਪਿੰਡ ਦੇ ਸਮਸ਼ਾਨ ਵਿਚ ਜਗ੍ਹਾ ਘੱਟ ਹੋਣ ਦੇ ਚਲਦਿਆਂ ਉਨ੍ਹਾਂ ਦੇ ਆਪਣੇ ਖੇਤ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਥੇ ਉਨ੍ਹਾਂ ਦੇ ਚਾਹੁਣ ਵਾਲੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਪਹੰੁਏ ਹੋਏ ਸਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਅਤੇ ਐਨਸੀਪੀ ਆਗੂ ਸ਼ਰਦ ਪਵਾਰ ਵੀ ਬਾਦਲ ਪਿੰਡ ਪਹੁੰਚੇ ਅਤੇ ਉਨ੍ਹਾਂ ਆਪਣੇ ਮਹਿਬੂਬ ਆਗੂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਮੌਕੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅੱਜ ਸਾਡੇ ਦਰਮਿਆਨ ਨਹੀਂ ਰਹੇ, ਇਹ ਬਹੁਤ ਦੁੱਖ ਭਰੀ ਖਬਰ ਹੈ। ਉਨ੍ਹਾਂ ਦੀ ਸਖਸ਼ੀਅਤ ਸਾਨੂੰ ਸਾਰਿਆਂ ਨੂੰ ਪ੍ਰਭਾਵਿਤ ਕਰਦੀ ਸੀ। ਨੱਢਾ ਨੇ ਅੱਗੇ ਕਿਹਾ ਕਿ ਉਹ ਇਕ ਨੇਤਾ ਨਹੀਂ ਸਗੋ ਰਾਜ ਨੇਤਾ ਸਨ। ਸਮਾਜ ਵਿਚ ਸੁੱਖ, ਚੈਨ ਅਤੇ ਸ਼ਾਂਤੀ ਰੱਖਣ ਲਈ ਉਨ੍ਹਾਂ ਆਪਣੀ ਪੂਰੀ ਜ਼ਿੰਦਗੀ ਲਗਾ ਦਿੱਤੀ। ਪ੍ਰਕਾਸ਼ ਸਿੰਘ ਬਾਦਲ ਦੇ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਨਾਲ ਇਕ ਯੁੱਗ ਦਾ ਅੰਤ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਉਮਰ ਅਬਦੁੱਲਾ, ਅਸ਼ੋਕ ਗਹਿਲੋਤ, ਭੁਪਿੰਦਰ ਹੁੱਡਾ, ਰਾਜਾ ਵੜਿੰਗ ਵੀ ਮੌਜੂਦ ਰਹੇ। ਪ੍ਰਕਾਸ਼ ਸਿੰਘ ਬਾਦਲ ਦੀ ਚਿਖਾ ਨੂੰ ਮੁੱਖ ਅਗਨੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ। ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ।

RELATED ARTICLES
POPULAR POSTS