ਗੁੱਸੇ ਵਿਚ ਆਈ ਸੰਗਤ ਨੇ ਥਾਣੇ ਦਾ ਕੀਤਾ ਘਿਰਾਓ
ਮੋਰਿੰਡਾ : ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸੋਮਵਾਰ ਨੂੰ ਦੁਪਹਿਰ ਸਮੇਂ ਲਗਭਗ ਡੇਢ ਵਜੇ ਦੇ ਕਰੀਬ 37 ਕੁ ਸਾਲਾਂ ਦਾ ਮੋਰਿੰਡਾ ਦਾ ਨੌਜਵਾਨ, ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਦਾਖ਼ਲ ਹੋਇਆ ਤੇ ਉਸ ਨੇ ਗੁਰਦੁਆਰਾ ਸਾਹਿਬ ਵਿਚ ਪਾਠ ਕਰ ਰਹੇ ਦੋ ਗ੍ਰੰਥੀ ਸਿੰਘਾਂ ਗੁਰਪ੍ਰੀਤ ਸਿੰਘ ਤੇ ਹਰਪਾਲ ਸਿੰਘ ਨਾਲ ਕੁੱਟਮਾਰ ਕਰਕੇ ਉਨ੍ਹਾਂ ਦੀਆਂ ਦਸਤਾਰਾਂ ਉਤਾਰ ਦਿੱਤੀਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨਾਲ ਛੇੜਛਾੜ ਕਰਕੇ ਬੇਅਦਬੀ ਕੀਤੀ। ਇਸ ਘਟਨਾ ਦੇ ਇਕ ਦਮ ਬਾਅਦ ਸੰਗਤ ਵਲੋਂ ਇਸ ਨੌਜਵਾਨ ਨੂੰ ਗੁਰਦੁਆਰਾ ਸਾਹਿਬ ਵਿਚ ਕਾਬੂ ਕਰਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ‘ਚ ਕੈਦ ਹੋ ਗਈ ਅਤੇ ਘਟਨਾ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਇਲਾਕੇ ਅਤੇ ਦੂਰ-ਦੁਰਾਡਿਓਂ ਸੰਗਤ ਨੇ ਸਭ ਤੋਂ ਪਹਿਲਾਂ ਕਾਈਨੌਰ ਚੌਕ ਮੋਰਿੰਡਾ ਵਿਚ ਜਾਮ ਲਗਾ ਦਿੱਤਾ। ਜਿਸ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੁੱਜੇ। ਇਸ ਉਪਰੰਤ ਕੁਝ ਸਥਾਨਕ ਵਿਅਕਤੀਆਂ ਦੀ ਅਗਵਾਈ ਹੇਠ ਸੰਗਤ ਦਾ ਇਕ ਵੱਡਾ ਇਕੱਠ ਥਾਣਾ ਮੋਰਿੰਡਾ ਵਿਚ ਪੁੱਜਾ। ਥਾਣੇ ਦੇ ਅੱਗੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਘਟਨਾ ਦੇ ਥੋੜ੍ਹੀ ਦੇਰ ਬਾਅਦ ਹੀ ਮੋਰਿੰਡਾ ਦਾ ਲਗਭਗ ਸਾਰਾ ਬਾਜ਼ਾਰ ਬੰਦ ਹੋ ਗਿਆ ਅਤੇ ਜਿਉਂ-ਜਿਉਂ ਸਮਾਂ ਨਿਕਲਦਾ ਗਿਆ ਤਿਉਂ-ਤਿਉਂ ਮੋਰਿੰਡਾ ਦੇ ਆਸੇ-ਪਾਸੇ ਦੀ ਸਾਰੀ ਸੜਕ ਤੇ ਵੱਖੋ-ਵੱਖਰੀ ਸੰਗਤ ਨੇ ਜਾਮ ਲਗਾ ਦਿੱਤਾ।
ਪੁਲਿਸ ਥਾਣਾ ਮੋਰਿੰਡਾ ਵਿਚ ਵੀ ਮਾਹੌਲ ਕਾਫ਼ੀ ਤਣਾਅਪੂਰਨ ਰਿਹਾ। ਸ਼ਾਮ ਸਮੇਂ ਕੁਝ ਲੋਕਾਂ ਨੇ ਇਕੱਠੇ ਹੋ ਕੇ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੇ ਘਰ ਦੀ ਭੰਨਤੋੜ ਵੀ ਕੀਤੀ। ਜਿਸ ਤੋਂ ਬਾਅਦ ਉਸ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ।
ਹੋਰ ਸੰਗਤ ਵੀ ਇਸ ਘਟਨਾ ਨੂੰ ਸੁਣ ਕੇ ਮੋਰਿੰਡਾ ਪੁੱਜ ਗਈ। ਇਸੇ ਸੰਬੰਧੀ ਪੰਜਾਬ ਪੁਲਿਸ ਦੇ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਰੂਪਨਗਰ ਵਿਵੇਕਸ਼ੀਲ ਸੋਨੀ ਗੁਰਦੁਆਰਾ ਕੋਤਵਾਲੀ ਸਾਹਿਬ ਪੁੱਜੇ ਤੇ ਘਟਨਾ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸੇ ਸੰਬੰਧੀ ਥਾਣਾ ਮੋਰਿੰਡਾ ਨੇ ਮੁਕੱਦਮਾ ਨੰਬਰ 26, ਧਾਰਾ 295ਏ, 307, 323, 506 ਤਹਿਤ ਦਰਜ ਕਰ ਲਿਆ।
ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਕੋਸ਼ਿਸ਼ : ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ : ਪੰਜਾਬ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੋਰਿੰਡਾ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਅਸਥਾਨ ਗੁ: ਕੋਤਵਾਲੀ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਦਿਆਂ ਦਸਤਾਰਾਂ ਉਤਾਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੀ ਵਾਪਰੀ ਘਟਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਕਾਲੇ ਦੌਰ ਵੱਲ ਧੱਕਣ ਦੀ ਕੋਸ਼ਿਸ਼ ਹੋ ਰਹੀ ਹੈ, ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੀ ਘਟੀਆ ਮਾਨਸਿਕਤਾ ਵਾਲੇ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਦੇਵੇ ਤਾਂ ਹੀ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪੈ ਸਕੇਗੀ।
ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ : ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਾਰੀ ਬਿਆਨ ‘ਚ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਤੇ ਪੁਲਿਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ‘ਚ ਗੁਟਕਾ ਸਾਹਿਬ ਦੇ ਪਾਵਨ ਅੰਗ ਖਿਲਾਰਨ ਦੀ ਘਟਨਾ ਦੀ ਵੀ ਨਿਖੇਧੀ ਕੀਤੀ।
ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਨਿਰਦੇਸ਼
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੇਅਦਬੀ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਮਾਨ ਨੇ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਹਰ ਵਿਅਕਤੀ ਲਈ ਸਰਵਉੱਚ ਹਨ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਕੇ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਡੀਜੀਪੀ ਨੂੰ ਤੇਜ਼ੀ ਨਾਲ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ ਤੇ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਲੋਕਾਂ ਤੋਂ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਪਿੰਡ ਗੋਲੇਵਾਲਾ ‘ਚ ਵੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ
ਫਰੀਦਕੋਟ/ਬਿਊਰੋ ਨਿਊਜ਼ : ਫ਼ਰੀਦਕੋਟ ਦੀ ਪੁਲਿਸ ਨੇ ਪਿੰਡ ਗੋਲੇਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ‘ਤੇ ਪਿੰਡ ਗੋਲੇਵਾਲਾ ਦੀਆਂ ਗਲੀਆਂ ਵਿੱਚ ਗੁਟਕਾ ਸਾਹਿਬ ਦੇ ਪੱਤਰੇ ਖਿਲਾਰ ਕੇ ਮੌਕੇ ‘ਤੋਂ ਫਰਾਰ ਹੋਣ ਦਾ ਦੋਸ਼ ਹੈ।
ਪਿੰਡ ਦੇ ਲੋਕਾਂ ਨੂੰ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਤੇ ਉਨ੍ਹਾਂ ਨੂੰ ਕਾਬੂ ਕੀਤਾ।
ਗ੍ਰਿਫਤਾਰ ਮੁਲਜ਼ਮ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ : ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਪਾਸਟਰ ਵਿੱਕੀ ਮਸੀਹ ਨੇ ਕਥਿਤ ਤੌਰ ‘ਤੇ ਪੁਲਿਸ ਹਿਰਾਸਤ ਵਿੱਚ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸੂਤਰਾਂ ਅਨੁਸਾਰ ਮੁਲਜ਼ਮ ਇਸ ਵੇਲੇ ਸਦਰ ਫਰੀਦਕੋਟ ਦੀ ਹਿਰਾਸਤ ਵਿੱਚ ਹੈ ਅਤੇ ਜਦੋਂ ਉਹ ਥਾਣੇ ਅੰਦਰ ਬਣੇ ਬਾਥਰੂਮ ਵਿੱਚ ਗਿਆ ਤਾਂ ਉੱਥੇ ਪਏ ਬਲੇਡ ਨਾਲ ਉਸ ਨੇ ਆਪਣੇ ਗਲੇ ਵਿੱਚ ਕੱਟ ਮਾਰ ਲਏ। ਪੁਲਿਸ ਨੇ ਤੁਰੰਤ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਵਿੱਕੀ ਮਸੀਹ ਬੇਅਦਬੀ ਦੇ ਦੋਸ਼ਾਂ ਹੇਠ 28 ਅਪਰੈਲ ਤੱਕ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਹੈ।
ਗੁਰਦਾਸਪੁਰ ਦੇ ਪਿੰਡ ਸ਼ਾਹੂਰ ‘ਚ ਵੀ ਹੋਈ ਗੁਟਕਾ ਸਾਹਿਬ ਦੀ ਬੇਅਦਬੀ
ਬੇਅਦਬੀ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਸ਼ਾਹੂਰ ਕਲਾਂ ‘ਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਆਰੋਪੀ ਨੇ ਆਪਣੇ ਘਰ ‘ਚ ਗੁਟਕਾ ਸਾਹਿਬ ਨੂੰ ਘਰ ਤੋਂ ਬਾਹਰ ਸੁੱਟ ਦਿੱਤਾ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਰੋਪੀ ਨੂੰ ਮੌਕੇ ‘ਤੇ ਹੀ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਆਰੋਪੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ। ਬੇਅਬਦੀ ਸਬੰਧੀ ਪਤਾ ਚਲਦਿਆਂ ਹੀ ਸਿੱਖ ਸੰਗਤਾਂ ਅਤੇ ਕਿਸਾਨ ਆਗੂ ਕਲਾਨੌਰ ਥਾਣੇ ਪਹੁੰਚੇ ਅਤੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਆਰੋਪੀ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ, ਕਿਉਂਕਿ ਬੇਅਦਬੀ ਦੀ ਇਸ ਘਟਨਾ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਮੌਕੇ ਇਕੱਠੀਆਂ ਹੋਈਆਂ ਸਿੱਖ ਸੰਗਤਾਂ ਅਤੇ ਕਿਸਾਨ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਆਏ ਦਿਨ ਪੰਜਾਬ ਵਿਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।