ਭਾਜਪਾ ਆਗੂ ਬ੍ਰਿਜ ਭੂਸ਼ਨ ਸ਼ਰਣ ਸਿੰਘ ਖਿਲਾਫ ਜ਼ਿਨਸ਼ੀ ਸ਼ੋਸ਼ਣ ਦੇ ਲੱਗੇ ਆਰੋਪ
ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਆਗੂ ਬ੍ਰਿਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸ਼ੀ ਸ਼ੋਸ਼ਣ ਦੇ ਆਰੋਪ ਲੱਗੇ ਹਨ। ਇਸਦੇ ਚੱਲਦਿਆਂ ਪਹਿਲਵਾਨਾਂ ਨੇ ਬ੍ਰਿਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਲਗਾਇਆ ਹੋਇਆ ਹੈ। ਇਸਦੇ ਚੱਲਿਦਆਂ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਸਬੰਧੀ ਐੱਫਆਈਆਰ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐਸ. ਨਰਸਿਮਹਾ ਦੇ ਬੈਂਚ ਕੋਲ ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐੱਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ 28 ਅਪਰੈਲ ਨੂੰ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਲੀ ਪੁਲਿਸ ਆਪਣਾ ਪੱਖ ਰੱਖ ਸਕਦੀ ਹੈ।
ਇਸ ਦੌਰਾਨ ਪਹਿਲਵਾਨਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਹੋਰ ਸਮੱਗਰੀ ਮੁਹੱਈਆ ਕਰਵਾਉਣਗੇ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸੱਤ ਮਹਿਲਾ ਪਹਿਲਵਾਨਾਂ ਦੀ ਅਪੀਲ ‘ਤੇ ਬੀਤੇ ਦਿਨੀਂ ਦਿੱਲੀ ਪੁਲਿਸ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਅਤੇ ਕਿਹਾ ਸੀ ਕਿ ਇਹ ਮਾਮਲਾ ‘ਗੰਭੀਰ’ ਹੈ ਤੇ ਇਸ ਨੂੰ ਵਿਚਾਰਨ ਦੀ ਲੋੜ ਹੈ।
ਇਸੇ ਦੌਰਾਨ ਉਲੰਪੀਅਨ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਇੱਥੇ ਪ੍ਰੈਕਟਿਸ ਵੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਸਾਨੂੰ ਦੇਸ਼ ਲਈ ਤਮਗੇ ਜਿੱਤਣ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਇਸ ਜ਼ਿੰਮੇਵਾਰੀ ਨੂੰ ਨਿਭਾਉਣਾ ਵੀ ਹੈ।
ਧਿਆਨ ਰਹੇ ਕਿ ਪਹਿਲਵਾਨਾਂ ਦੇ ਇਸ ਧਰਨੇ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਪਹੁੰਹੇ।
ਜ਼ਿਕਰਯੋਗ ਹੈ ਕਿ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨਾਂ ਦਾ ਸਮਰਥਨ ਵੀ ਮਿਲ ਰਿਹਾ ਹੈ।
ਖਿਡਾਰੀਆਂ ਨੂੰ ਕੀਤਾ ਜਾ ਰਿਹੈ ਨਜ਼ਰਅੰਦਾਜ਼: ਪ੍ਰਿਯੰਕਾ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਕਰਾਰੇ ਹੱਥੀਂ ਲਿਆ ਅਤੇ ਪੁੱਛਿਆ ਕਿ ਕੀ ਉਹ ਇਸ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ।
‘ਸਾਡੀ ਵੀ ਸੁਣ ਲਓ ਮਨ ਕੀ ਬਾਤ ਮੋਦੀ ਜੀ’
ਨਵੀਂ ਦਿੱਲੀ : ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ ‘ਤੁਹਾਡੇ ਵੱਲੋਂ ਸਾਡੀ ‘ਮਨ ਕੀ ਬਾਤ’ ਕਿਉਂ ਨਹੀਂ ਸੁਣੀ ਜਾ ਰਹੀ।’ ਉਨ੍ਹਾਂ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖਿਲਾਫ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਚਰਚਾ ਲਈ ਸਮਾਂ ਦੇਣ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਹ ਤਗ਼ਮੇ ਜਿੱਤਦੇ ਹਨ ਤਾਂ ਪ੍ਰਧਾਨ ਮੰਤਰੀ ਮੋਦੀ ਵਧਾਈ ਦਿੰਦੇ ਹਨ ਅਤੇ ਉਨ੍ਹਾਂ ਨਾਲ ਤਸਵੀਰਾਂ ਖਿਚਵਾਉਂਦੇ ਹਨ, ਪਰ ਅੱਜ ਜਦੋਂ ਉਹ ਇਨਸਾਫ਼ ਲਈ ਸੜਕਾਂ ‘ਤੇ ਹਨ ਤਾਂ ਅੱਖਾਂ ਬੰਦ ਕਰ ਰੱਖੀਆਂ ਹਨ। ਰੀਓ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਸਾਕਸ਼ੀ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਪ੍ਰਧਾਨ ਮੰਤਰੀ ਮੋਦੀ ਸਰ ‘ਬੇਟੀ ਬਚਾਓ ਬੇਟੀ ਪੜ੍ਹਾਓ’ ਬਾਰੇ ਗੱਲ ਕਰਦੇ ਹਨ ਅਤੇ ਹਰੇਕ ਦੇ ‘ਮਨ ਕੀ ਬਾਤ’ ਸੁਣਦੇ ਹਨ। ਸਾਡੇ ‘ਮਨ ਕੀ ਬਾਤ’ ਕਿਉਂ ਨਹੀਂ ਸੁਣ ਸਕਦੇ? ਜਦੋਂ ਅਸੀਂ ਤਗ਼ਮਾ ਜਿੱਤ ਕੇ ਆਉਂਦੇ ਹਾਂ ਤਾਂ ਉਹ ਸਾਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦੇ ਹਨ। ਅੱਜ, ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਸਾਡੇ ‘ਮਨ ਕੀ ਬਾਤ’ ਵੀ ਸੁਣ ਲਓ।”
Check Also
ਸੰਸਦੀ ਚੋਣਾਂ ਵਿਚ ਲਿਬਰਲਾਂ ਅਤੇ ਟੋਰੀਆਂ ਵਿਚਾਲੇ ਟੱਕਰ ਦੇ ਆਸਾਰ
ਤਾਜ਼ਾ ਸਰਵੇਖਣਾਂ ‘ਚ ਦੋਹਾਂ ਮੁੱਖ ਪਾਰਟੀਆਂ ਦੀ ਮਕਬੂਲੀਅਤ ਵਿਚਲਾ ਖੱਪਾ ਸੁੰਗੜਨ ਲੱਗਾ ਵੈਨਕੂਵਰ/ਬਿਊਰੋ ਨਿਊਜ਼ : …