-4.7 C
Toronto
Wednesday, December 3, 2025
spot_img

ਅਲਵਿਦਾ

ਤੁਰ ਗਿਆ ਪ੍ਰਕਾਸ਼ ਸਿੰਘ ਬਾਦਲ
ਜੇਪੀ ਨੱਢਾ, ਸ਼ਰਦ ਪਵਾਰ, ਰਾਜਪਾਲ ਬੀਐਲ ਪੁਰੋਹਿਤ, ਭਗਵੰਤ ਮਾਨ, ਅਸ਼ੋਕ ਗਹਿਲੋਤ, ਭੁਪਿੰਦਰ ਹੁੱਡਾ, ਓਪੀ ਚੌਟਾਲਾ ਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਬਾਦਲ ਦੇ ਸਸਕਾਰ ਮੌਕੇ ਰਹੀ ਹਾਜ਼ਰ
ਲੰਬੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਲੰਘੇ ਮੰਗਲਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕਰ ਦਿੱਤਾ ਗਿਆ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਰਥੀ ਨੂੰ ਮੋਢਾ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਤੇ ਹੋਰ ਮੈਂਬਰਾਂ ਨੇ ਦਿਖਾਈ। ਸਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਐਨਸੀਪੀ ਮੁਖੀ ਸ਼ਰਦ ਪਵਾਰ, ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਹੁੱਡਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ, ਭਾਜਪਾ ਦੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਬਾਦਲ ਦੇ ਸਸਕਾਰ ਮੌਕੇ ਹਾਜ਼ਰ ਰਹੀ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਬਹੁਤ ਸਾਰੀਆਂ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਹੈ। ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਮੀ ਦਿੱਤੀ। ਜ਼ਿਕਰਯੋਗ ਹੈ ਕਿ ਪਿੰਡ ਦੇ ਸਮਸ਼ਾਨਘਾਟ ਵਿਚ ਜਗ੍ਹਾ ਘੱਟ ਹੋਣ ਦੇ ਚਲਦਿਆਂ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਆਪਣੇ ਖੇਤ ਵਿਚ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਥੇ ਉਨ੍ਹਾਂ ਦੇ ਚਾਹੁਣ ਵਾਲੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ।

 

RELATED ARTICLES
POPULAR POSTS