Breaking News
Home / ਪੰਜਾਬ / ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਪਟੀਸ਼ਨ ਖਾਰਜ

ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਪਟੀਸ਼ਨ ਖਾਰਜ

ਅੰਮ੍ਰਿਤਪਾਲ ਦੇ ਗ੍ਰਿਫਤਾਰ ਸਾਥੀਆਂ ਦੇ ਪਰਿਵਾਰਾਂ ਵੱਲੋਂ ਦਰਜ ਪਟੀਸ਼ਨਾਂ ‘ਤੇ ਸੁਣਵਾਈ ਹੁਣ 1 ਮਈ ਨੂੰ
ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੀ ਮੋਗਾ ਦੇ ਰੋਡੇ ਪਿੰਡ ‘ਚੋਂ ਗ੍ਰਿਫਤਾਰੀ ਤੋਂ ਇਕ ਦਿਨ ਮਗਰੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਦੇ ਪੁਲਿਸ ਦੀ ‘ਗੈਰਕਾਨੂੰਨੀ ਹਿਰਾਸਤ’ ਵਿਚ ਹੋਣ ਦਾ ਦਾਅਵਾ ਕਰਦੀ ਪਟੀਸ਼ਨ ‘ਅਰਥਹੀਣ’ ਦੱਸ ਕੇ ਖਾਰਜ ਕਰ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਕਾਨੂੰਨੀ ਸਲਾਹਕਾਰ ਈਮਾਨ ਸਿੰਘ ਖਾਰਾ ਤੇ ਉਸਦੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨੇ 19 ਮਾਰਚ ਨੂੰ ਹਾਈਕੋਰਟ ਵਿੱਚ ਹੈਬੀਅਸ ਕੋਰਪਸ ਪਟੀਸ਼ਨ ਦਾਖਲ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਕੋਰਟ ਵਿੱਚ ਪੇਸ਼ ਕੀਤੇ ਜਾਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਹਾਲਾਂਕਿ ਪਿਛਲੀਆਂ ਸੁਣਵਾਈਆਂ ਦੌਰਾਨ ਦਾਅਵਾ ਕਰਦੀ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਨਾ ਤਾਂ ਉਨ੍ਹਾਂ ਦੀ ਹਿਰਾਸਤ ‘ਚ ਹੈ ਤੇ ਨਾ ਹੀ ਉਨ੍ਹਾਂ ਉਸ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਗੁਰਦੁਆਰੇ ਦੇ ਬਾਹਰੋਂ ਗ੍ਰਿਫਤਾਰ ਕੀਤਾ ਸੀ। ਖਾਰਾ ਨੇ ਸੁਣਵਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਜਦੋਂ ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਹਿਰਾਸਤ ਵਿੱਚ ਲੈ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ, ਹਾਈਕੋਰਟ ਨੇ ਪਟੀਸ਼ਨ ਨੂੰ ਅਰਥਹੀਣ ਦੱਸ ਕੇ ਖਾਰਜ ਕਰ ਦਿੱਤਾ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਹਮਾਇਤੀਆਂ ਖਿਲਾਫ਼ 18 ਮਾਰਚ ਨੂੰ ਵੱਡੀ ਕਾਰਵਾਈ ਵਿੱਢੀ ਸੀ। ਅੰਮ੍ਰਿਤਪਾਲ ਸਿੰਘ ਹਾਲਾਂਕਿ ਜਲੰਧਰ ਦੇ ਸ਼ਾਹਕੋਟ ਲਾਗੇ ਵਾਹਨਾਂ ਦੀ ਅਦਲਾ-ਬਦਲੀ ਤੇ ਭੇਸ ਵਟਾ ਕੇ ਪੁਲਿਸ ਨੂੰ ਝਕਾਨੀ ਦੇਣ ਵਿਚ ਸਫ਼ਲ ਰਿਹਾ ਸੀ।
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ਼ ਇਰਾਦਾ ਕਤਲ, ਪੁਲਿਸ ਅਮਲੇ ‘ਤੇ ਹਮਲਾ ਤੇ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਕਰਨ ਤੋਂ ਰੋਕਣ ਸਣੇ ਹੋਰ ਕਈ ਧਾਰਾਵਾਂ ਤਹਿਤ ਫੌਜਦਾਰੀ ਕੇਸ ਦਰਜ ਕੀਤੇ ਗਏ ਸਨ। ਜਸਟਿਸ ਐੱਨ.ਐੱਸ.ਸ਼ੇਖਾਵਤ ਨੇ ਅੰਮ੍ਰਿਤਪਾਲ ਸਿੰਘ ਦੇ ਸਹਾਇਕਾਂ ਵੱਲੋਂ ਦਾਇਰ ਪਟੀਸ਼ਨਾਂ ‘ਤੇ ਅਗਲੀ ਸੁਣਵਾਈ 1 ਮਈ ਲਈ ਨਿਰਧਾਰਿਤ ਕੀਤੀ ਸੀ।
ਐੱਨਐੱਸਏ ਤਹਿਤ ਹਿਰਾਸਤ ‘ਚ ਲਏ ਗਏ ਇਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਨੇ ਹਿਰਾਸਤੀ ਹੁਕਮਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਚਾਰਾਜੋਈ
ਕਾਨੂੰਨੀ ਮਾਹਿਰਾਂ ਦੀ ਟੀਮ ਦੇ ਮੁਖੀ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਜਾਣ ਤੋਂ ਇਕ ਦਿਨ ਬਾਅਦ ਸ਼੍ਰੋਮਣੀ ਕਮੇਟੀ ਨੇ ਉਸ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਕਾਨੂੰਨੀ ਮਾਹਿਰਾਂ ਦੀ ਟੀਮ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਸ ਨਾਲ ‘ਮੁਲਾਕਾਤ’ (ਜੇਲ੍ਹ ਮੁਲਾਕਾਤ) ਲਈ ਲੋੜੀਂਦੀ ਇਜਾਜ਼ਤ ਲੈਣ ਦੇ ਯਤਨ ਕੀਤੇ ਗਏ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੋਰ ਸਿੱਖਾਂ ਦੇ ਰਿਸ਼ਤੇਦਾਰਾਂ ਲਈ ਵੀ ਮੁਲਾਕਾਤ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜੇਲ੍ਹ ਦੇ ਨਿਯਮਾਂ ਮੁਤਾਬਕ ਪਰਿਵਾਰ ਦੇ ਮੈਂਬਰ ਉਨ੍ਹਾਂ ਨੂੰ ਵੀਰਵਾਰ ਨੂੰ ਹੀ ਮਿਲ ਸਕਦੇ ਹਨ। ਇਸ ਲਈ ਪਰਿਵਾਰਾਂ ਦਾ ਪਹਿਲਾ ਜਥਾ ਨਿਰਧਾਰਤ ਦਿਨ ਹਵਾਈ ਜਹਾਜ਼ ਰਾਹੀਂ ਡਿਬਰੂਗੜ੍ਹ ਜਾਵੇਗਾ। ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਜਥੇਬੰਦੀ ਖਿਲਾਫ ਕਾਰਵਾਈ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਸਮੇਤ ਦਸ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਖਿਲਾਫ ਨੈਸ਼ਨਲ ਸਕਿਓਰਿਟੀ ਐਕਟ (ਐੱਨਐੱਸਏ) ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਉੱਚ ਸੁਰੱਖਿਆ ਵਾਲੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …