ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੁਸ਼ਿਆਰਪੁਰ ਦੀ ਅਦਾਲਤ ’ਚ ਚੱਲ ਰਹੇ ਮੁਕੱਦਮੇ ਨੂੰ ਕੀਤਾ ਰੱਦ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਨੂੰ ਵੱਡੀ ਰਾਹਤ ਦਿੰਦਿਆਂ ਮਾਨਯੋਗ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਸ਼ੋ੍ਰਮਣੀ ਅਕਾਲੀ ਦਲ ਖਿਲਾਫ਼ ਚੱਲ ਰਹੇ ਮੁਕੱਦਮੇ ਨੂੰ ਰੱਦ ਕਰ ਦਿੱਤਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਾਇਰ ਕੀਤੀ ਗਈ ਐਸਐਲਪੀ ’ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ। ਧਿਆਨ ਰਹੇ ਕਿ ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਦੀ ਅਦਾਲਤ ਵਿਚ ਮੁਕੱਦਮਾ ਦਾਇਰ ਕਰਕੇ ਸ਼ੋ੍ਰਮਣੀ ਅਕਾਲੀ ਦਲ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦਾਇਰ ਮੁਕੱਦਮੇ ’ਚ ਕਿਹਾ ਸੀ ਸ਼ੋ੍ਰਮਣੀ ਅਕਾਲੀ ਦਲ ਧਾਰਮਿਕ ਚੋਣਾਂ ਲੜਦਾ, ਜਿਸ ਦੇ ਚਲਦਿਆਂ ੳਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਦਿੱਤੀ ਗਈ ਸੰਵਿਧਾਨ ਦੀ ਕਾਪੀ ਨੂੰ ਇਕ ਜਾਅਲਸਾਜ਼ੀ ਦੱਸਿਆ ਸੀ। ਇਸ ਮਾਮਲੇ ’ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਇਸ ਮਾਮਲੇ ਨੂੰ ਮੁੱਢੋਂ ਹੀ ਖਾਰਜ ਕਰ ਦਿੱਤਾ, ਜੋ ਕਿ ਸ਼ੋ੍ਰਮਣੀ ਅਕਾਲੀ ਦਲ ਲਈ ਇਕ ਰਾਹਤ ਵਾਲੀ ਖ਼ਬਰ ਹੈ।