ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦਾ ਇਕ ਵਫਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਰਵਾਰ ਨੂੰ ਐਸ.ਵਾਈ.ਐਲ ਮੁੱਦੇ ‘ਤੇ ਰਾਸ਼ਟਰਪਤੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰੇਗਾ। ਪੰਜਾਬ ਕਾਂਗਰਸ ਦਾ ਵਫਦ ਰਾਸ਼ਟਰਪਤੀ ਤੋਂ ਦਖਲ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹਾਲਾਤਾਂ ਦੀ ਗੰਭੀਰਤਾ ਵੱਲ ਉਨ੍ਹਾਂ ਧਿਆਨ ਖਿੱਚਣ ਦੀ ਕੋਸ਼ਿਸ਼ ਕਰੇਗਾ। ਪੰਜਾਬ ਕਾਂਗਰਸ ਦੇ ਆਗੂਆਂ ਸੁਖਜਿੰਦਰ ਰੰਧਾਵਾ ਤੇ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਪੰਜਾਬ ਪਹਿਲਾਂ ਤੋਂ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਵਿਚ ਜੇ ਰਾਸ਼ਟਰਪਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਮੰਨ ਲੈਂਦੇ ਹਨ ਤੇ ਉਸਨੂੰ ਲਾਗੂ ਕਰਨ ਦੀ ਇਜ਼ਾਜਤ ਦੇ ਦਿੰਦੇ ਹਨ, ਤਾਂ ਹਾਲਾਤ ਹੋਰ ਗੰਭੀਰ ਬਣ ਜਾਣਗੇ। ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਇਹ ਨਾ ਸਿਰਫ ਪੰਜਾਬ ਦੇ ਲੋਕਾਂ ਦੇ ਅਧਿਕਾਰ, ਬਲਕਿ ਉਨ੍ਹਾਂ ਦੀਆਂ ਜਿੰਦਗੀਆਂ ਦਾ ਵੀ ਮਾਮਲਾ ਹੈ। ਸੂਬੇ ਦੇ ਲੋਕ, ਖਾਸ ਕਰਕੇ ਮਾਲਵਾ ਖੇਤਰ ਦੇ ਕਿਸਾਨਾਂ ‘ਤੇ ਐਸ.ਵਾਈ.ਐਲ ਦੇ ਨਿਰਮਾਣ ਦਾ ਸੱਭ ਤੋਂ ਬੁਰਾ ਪ੍ਰਭਾਵ ਪਵੇਗਾ। ਜਿਨ੍ਹਾਂ ਤੋਂ ਕਿਸੇ ਵੀ ਕੀਮਤ ‘ਤੇ ਉਨ੍ਹਾਂ ਦੀ ਜ਼ਿੰਦਗੀ ਨਹੀਂ ਖੋਹੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਰਾਸ਼ਟਰਪਤੀ ਕੋਲ ਅਪੀਲ ਕਰੇਗੀ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਨਾ ਹੋਵੇ।

