ਡਾ. ਮਨਮੋਹਨ ਸਿੰਘ ਦੇ ਭਰਾ ਵੱਲੋਂ ਭਾਜਪਾ ਉਮੀਦਵਾਰ ਦੇ ਹੱਕ ’ਚ ਪ੍ਰਚਾਰ
ਜਲੰਧਰ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਆਉਂਦੀ 10 ਮਈ ਨੂੰ ਹੋਣ ਜਾ ਰਹੀ ਹੈ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਅਗਾਮੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਜਲੰਧਰ ਦੀ ਜ਼ਿਮਨੀ ਚੋਣ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸੇ ਦੌਰਾਨ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਨੇ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਭਰਾ ਦਲਜੀਤ ਸਿੰਘ ਕੋਹਲੀ ਨੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਭਾਜਪਾ ਦੇ ਹੱਥ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਕੋਹਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਭਾਈਚਾਰੇ ਦੇ ਵਧੇਰੇ ਨੇੜੇ ਹਨ। ਇਸੇ ਕਰਕੇ ਉਹ ਦੇਸ਼ ਦੇ ਹਿੱਤ ਅਤੇ ਪੰਜਾਬ ਦੇ ਭਵਿੱਖ ਲਈ ਭਾਜਪਾ ਦਾ ਸਾਥ ਦੇ ਰਹੇ ਹਨ। ਡਾ. ਮਨਮੋਹਨ ਸਿੰਘ ਨੂੰ ਪਿਤਾ ਸਮਾਨ ਦੱਸਦਿਆਂ ਕੋਹਲੀ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦਾ ਸਤਿਕਾਰ ਕਰਦਾ ਹੈ। ਭਾਜਪਾ ਵੀ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੀ ਹੈ। ਇਸ ਲਈ ਉਹ ਉਨ੍ਹਾਂ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਕਾਂਗਰਸ ਵਿੱਚ ਜਾਣਾ ਉਨ੍ਹਾਂ ਦਾ ਨਿੱਜੀ ਫੈਸਲਾ ਸੀ। ਕੋਹਲੀ ਨੇ ਕਿਹਾ ਕਿ ਦੇਸ਼ ਵਿੱਚ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉਹ ਸੂਬੇ ਪੰਜਾਬ ਨਾਲੋਂ ਕਿਤੇ ਅੱਗੇ ਹਨ। ਪੰਜਾਬ ਨੂੰ ਵੀ ਤਰੱਕੀ ਦੇ ਰਾਹ ’ਤੇ ਤੋਰਨ ਲਈ ਉਹ ਭਾਜਪਾ ਦੀ ਹਮਾਇਤ ਕਰ ਰਹੇ ਹਨ। ਇਸੇ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੂਜੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ, ਪਰ ਕਿਸੇ ਨੇ ਪੰਜਾਬ ਲਈ ਕੁਝ ਨਹੀਂ ਕੀਤਾ ਅਤੇ ਉਨ੍ਹਾਂ ਭਾਜਪਾ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …