ਸਜ਼ਾ ਏ ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਪਾਈ ਗਈ ਪਟੀਸ਼ਨ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਏ ਮੌਤ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਗਈ ਸੀ। ਜਿਸ ’ਤੇ ਅੱਜ ਸੁਪਰੀਮ ਵਿਚ ਸੁਣਵਾਈ ਹੋਈ ਅਤੇ ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ ਸਜ਼ਾ ਏ ਮੌਤ ਨੂੰ ਉਮਰ ਕੈਦ ਵਿਚ ਬਦਲਣ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਨਾਲ ਹੀ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਸਜ਼ਾ ਸਬੰਧੀ ਜਲਦੀ ਹੀ ਫੈਸਲਾ ਲੈਣ ਲਈ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਵੀ ਦਿੱਤੇ ਹਨ। ਧਿਆਨ ਰਹੇ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਰਾਜੋਆਣਾ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਇਸ ਦੇ ਚਲਦਿਆਂ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2012 ’ਚ ਰਾਜੋਆਣਾ ਦੀ ਸਜ਼ਾ ਏ ਮੌਤ ਨੂੰ ਉਮਰ ਕੈਦ ਵਿਚ ਬਦਲਣ ਲਈ ਇਕ ਪਟੀਸ਼ਨ ਦਾਇਰ ਕੀਤੀ ਸੀ ਪ੍ਰੰਤੂ ਕੇਂਦਰ ਵਿਚ ਰਹੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਸਬੰਧ ਵਿਚ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਸੁਪਰੀਮ ਕੋਰਟ ਨੇ ਵੀ ਅੱਜ ਦੀ ਸੁਣਵਾਈ ਤੋਂ ਬਾਅਦ ਫੈਸਲਾ ਕੇਂਦਰ ਸਰਕਾਰ ਨੂੰ ਲੈਣ ਲਈ ਕਿਹਾ ਹੈ।