Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਬਾਦਲ ਵਿਖੇ ਭਲਕੇ ਵੀਰਵਾਰ ਨੂੰ
ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਨਾਲ ਵਹਿੰਦੇ ਸਤਲੁਜ ਦਰਿਆ ਵਿਚ ਜਲਪ੍ਰਵਾਹ ਕੀਤੀਆਂ ਗਈਆਂ ਹਨ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਅਨੰਤਵੀਰ ਬਾਦਲ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ, ਵਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਸਮੇਤ ਵੱਡੀ ਗਿਣਤੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਅੱਜ ਸਵੇਰ ਪਿੰਡ ਬਾਦਲ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਸਥੀਆਂ ਲੈ ਕੇ ਉਨ੍ਹਾਂ ਦਾ ਪੂਰਾ ਪਰਿਵਾਰ ਇਕ ਕਾਫਲੇ ਦੇ ਰੂਪ ਵਿਚ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਸੀ। ਧਿਆਨ ਰਹੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਲੰਘੀ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਬਾਦਲ ਵਿਖੇ ਭਲਕੇ ਵੀਰਵਾਰ 4 ਮਈ ਨੂੰ ਹੋਵੇਗਾ, ਜਿਸ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

 

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …