Breaking News
Home / ਹਫ਼ਤਾਵਾਰੀ ਫੇਰੀ / ਨਰਾਜ਼ ਪਹਿਲਵਾਨ ਮੋੜ ਸਕਦੇ ਹਨ ਆਪਣੇ ਤਮਗੇ

ਨਰਾਜ਼ ਪਹਿਲਵਾਨ ਮੋੜ ਸਕਦੇ ਹਨ ਆਪਣੇ ਤਮਗੇ

ਪੁਲਿਸ ਅਤੇ ਪਹਿਲਵਾਨਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਮਾਮਲਾ ਗਰਮਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਲੰਘੀ ਬੁੱਧਵਾਰ ਰਾਤ ਨੂੰ ਝੜਪ ਹੋ ਗਈ। ਇਸ ਝੜਪ ਦੌਰਾਨ ਕੁਝ ਪਹਿਲਵਾਲਾਂ ਦੇ ਸੱਟਾਂ ਵੀ ਲੱਗੀਆਂ ਹਨ। ਝੜਪ ਤੋਂ ਬਾਅਦ ਵਿਨੇਸ਼ ਅਤੇ ਸਾਖਸ਼ੀ ਵਰਗੀਆਂ ਤਮਗੇ ਜਿੱਤਣ ਵਾਲੀਆਂ ਪਹਿਲਵਾਨ ਰੋਣ ਵੀ ਲੱਗ ਪਈਆਂ। ਇਸਦੇ ਚੱਲਦਿਆਂ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਆਪਣੇ ਤਮਗੇ ਭਾਰਤ ਸਰਕਾਰ ਨੂੰ ਵਾਪਸ ਦੇ ਦਿਆਂਗੇ। ਬਾਕਸਰ ਵਿਜੇਂਦਰ ਸਿੰਘ ਨੇ ਕਿਹਾ ਕਿ ਹੁਣ ਇਹ ਲੜਾਈ ਲੰਬੀ ਚੱਲੇਗੀ। ਇਸੇ ਦੌਰਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਖਸ਼ੀ ਮਲਿਕ ਨੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਦੇ ਕਮਿਸ਼ਨਰ ਦੇ ਨਾਮ ਚਿੱਠੀ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ਼ ਭੂਸ਼ਣ ਸ਼ਰਣ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ ਅਤੇ ਇਹ ਧਰਨਾ ਅੱਜ 12ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਸੱਤ ਮਹਿਲਾ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦੇ ਆਰੋਪ ਲਗਾਏ ਹਨ। ਇਨ੍ਹਾਂ ਪਹਿਲਵਾਨਾਂ ਦਾ ਕਹਿਣਾ ਹੈ ਕਿ ਬ੍ਰਿਜ ਭੂਸ਼ਣ ਸ਼ਰਣ ਸਿੰਘ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਪਹਿਲਵਾਨਾਂ ਦੇ ਇਸ ਧਰਨੇ ਨੂੰ ਕਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ।

ਸੁਪਰੀਮ ਕੋਰਟ ਨੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਕਾਰਵਾਈ ਕੀਤੀ ਬੰਦ
ਨਵੀਂ ਦਿੱਲੀ : ਭਾਰਤ ਦੀਆਂ ਸੱਤ ਮਹਿਲਾ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦੇ ਆਰੋਪ ਲਗਾਏ ਹਨ ਅਤੇ ਪਹਿਲਵਾਨਾਂ ਨੇ ਬ੍ਰਿਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਨਵੀਂ ਦਿੱਲੀ ਵਿਚ ਜੰਤਰ ਮੰਤਰ ‘ਤੇ ਕਈ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ। ਇਸ ਮਾਮਲੇ ਸਬੰਧੀ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨਾਬਾਲਗ ਸ਼ਿਕਾਇਤਕਰਤਾ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਪੁਲਿਸ ਨੇ ਸੁਪਰੀਮ ਕੋਰਟ ਨੂੰ ਇਹ ਵੀ ਦੱਸਿਆ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੀਆਂ ਛੇ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਕਾਰਵਾਈ ਬੰਦ ਕੀਤੀ ਤੇ ਉਨ੍ਹਾਂ ਨੂੰ ਹੋਰ ਰਾਹਤ ਲਈ ਦਿੱਲੀ ਹਾਈਕੋਰਟ ਜਾਂ ਸਬੰਧਤ ਹੇਠਲੀ ਅਦਾਲਤ ਵਿਚ ਜਾਣ ਲਈ ਕਹਿ ਦਿੱਤਾ ਹੈ।

 

Check Also

ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼

ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ …