Breaking News
Home / ਪੰਜਾਬ / ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ

ਅਰਵਿੰਦ ਕੇਜਰੀਵਾਲ 6 ਮਈ ਨੂੰ ਚੋਣ ਪ੍ਰਚਾਰ ਕਰਨ ਜਲੰਧਰ ਪਹੁੰਚਣਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣ ਗਈ ਹੈ। ਧਿਆਨ ਰਹੇ ਕਿ ਪੰਜਾਬ ਅਤੇ ਦਿੱਲੀ ਵਿਚ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਕੋਲ ਇਸ ਸਮੇਂ ਲੋਕ ਸਭਾ ਦੀ ਇਕ ਵੀ ਸੀਟ ਨਹੀਂ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਤੋਂ ਭਗਵੰਤ ਮਾਨ ਸੰਸਦ ਮੈਂਬਰ ਸਨ। ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਤਾਂ ਉਨ੍ਹਾਂ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੰਗਰੂਰ ਲੋਕ ਸਭਾ ਲਈ ਹੋਈ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਹਾਰ ਗਈ ਸੀ। ਇਸ ਕਰਕੇ ਹੁਣ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਮੁੱਚੀ ‘ਆਪ’ ਲੀਡਰਸ਼ਿਪ ਜਲੰਧਰ ਵਿਚ ਚੋਣ ਪ੍ਰਚਾਰ ਵਿਚ ਰੁੱਝੀ ਹੋਈ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ 6 ਮਈ ਨੂੰ ਚੋਣ ਪ੍ਰਚਾਰ ਕਰਨ ਲਈ ਜਲੰਧਰ ਪਹੁੰਚ ਰਹੇ ਹਨ। ਕੇਜਰੀਵਾਲ ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਰੋਡ ਸ਼ੋਅ ਅਤੇ ਰੈਲੀ ਵੀ ਕਰਨਗੇ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲਬਸਪਾ ਗਠਜੋੜ ਵਿਚਾਲੇ ਚੋਣ ਮੁਕਾਬਲਾ ਹੋਵੇਗਾ।
‘ਆਪ’ ਨੂੰ ਇੱਕ ਮੌਕਾ ਹੋਰ ਦੇ ਦਿਓ: ਭਗਵੰਤ ਮਾਨ
ਜਲੰਧਰ : ਜਲੰਧਰ ਲੋਕ ਸਭਾ ਉੱਪ ਚੋਣ ਵਿੱਚ ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਰਤਾਰਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰ ਕੇ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਰੋਡ ਸ਼ੋਅ ਜੰਡੂ ਸਿੰਘਾ ਤੋਂ ਸ਼ੁਰੂ ਕੀਤਾ, ਇੱਥੋਂ ਉਹ ਮਦਾਰਾ ਹੁੰਦੇ ਹੋਏ ਧੋਗੜੀ ਪਹੁੰਚੇ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, ”ਤੁਸੀਂ 70 ਸਾਲ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕਾ ਦਿੱਤਾ, ਉਨ੍ਹਾਂ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ। ਬੱਸ ‘ਆਪ’ ਨੂੰ ਕੰਮ ਕਰਨ ਲਈ ਇੱਕ ਸਾਲ ਹੋਰ ਦੇ ਦਿਓ, ਜੇ ਤੁਹਾਨੂੰ ‘ਆਪ’ ਦਾ ਕੰਮ ਪਸੰਦ ਨਾ ਆਇਆ, ਤਾਂ 2024 ਵਿੱਚ ਸਾਨੂੰ ਵੋਟ ਨਾ ਦਿਓ।” ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਰਕਾਰੀ ਨੌਕਰੀਆਂ ਲਈ ਅਸਾਮੀਆਂ ਅਕਸਰ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਕੱਢੀਆਂ ਜਾਂਦੀਆਂ ਸਨ। ‘ਆਪ’ ਸਰਕਾਰ ਨੇ ਇਕ ਸਾਲ ਵਿਚ ਤਿੰਨ ਵਾਰ ਅਸਾਮੀਆਂ ਕੱਢੀਆਂ ਤੇ ਕਰੀਬ 29,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਨੌਂ ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ।
ਪੰਜਾਬ ਦੀ ਆਰਥਿਕ ਸਥਿਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਕਹਿੰਦੇ ਰਹਿੰਦੇ ਸਨ ਕਿ ਸੂਬੇ ਦਾ ਖ਼ਜ਼ਾਨਾ ਖਾਲੀ ਹੈ ਪਰ ‘ਆਪ’ ਦੇ ਵਿੱਤ ਮੰਤਰੀ ਨੇ 13 ਮਹੀਨਿਆਂ ਦੌਰਾਨ ਇੱਕ ਵਾਰ ਵੀ ‘ਖਜ਼ਾਨਾ ਖਾਲੀ ਹੈ’ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਚੰਗੀ ਸਿੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸ ਲਈ ਖ਼ਜ਼ਾਨਾ ਖਾਲੀ ਹੋਣ ਦੀ ਨੌਬਤ ਨਹੀਂ ਆਈ। ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਿੰਕੂ ਦੀ ਜਿੱਤ ਪਾਰਟੀ ਦੇ ਹੌਸਲੇ ਬੁਲੰਦ ਕਰੇਗੀ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …