Breaking News
Home / ਪੰਜਾਬ / ਹਰਜਿੰਦਰ ਸਿੰਘ ਧਾਮੀ ਵੱਲੋਂ ਚੋਣ ਪ੍ਰਚਾਰ ‘ਤੇ ਮੁੱਖ ਮੰਤਰੀ ਨੇ ਉਠਾਏ ਸਵਾਲ

ਹਰਜਿੰਦਰ ਸਿੰਘ ਧਾਮੀ ਵੱਲੋਂ ਚੋਣ ਪ੍ਰਚਾਰ ‘ਤੇ ਮੁੱਖ ਮੰਤਰੀ ਨੇ ਉਠਾਏ ਸਵਾਲ

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਦੇ ਹੱਕ ਵਿੱਚ ਧਾਮੀ ਕਰ ਰਹੇ ਨੇ ਪ੍ਰਚਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਦੀ ਹਮਾਇਤ ਵਿੱਚ ਕੀਤੇ ਜਾ ਰਹੇ ਪ੍ਰਚਾਰ ‘ਤੇ ਉਂਗਲ ਚੁੱਕੀ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਬੇਅਦਬੀ ਦੇ ਮੁੱਦੇ ਨੂੰ ਮੁੜ ਉਭਾਰਿਆ ਅਤੇ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਜਿਹੀ ਸਿਆਸੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾਣਾ ਕਿੰਨਾ ਕੁ ਜਾਇਜ਼ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਪਲਟ ਵਾਰ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਆਰੋਪ ਲੱਗਦੇ ਨੇ, ਉਸ ਪਾਰਟੀ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ?’ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਬਠਿੰਡਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕਿਸੇ ਵਿਸ਼ੇਸ਼ ਪਾਰਟੀ ਦਾ ਪ੍ਰਚਾਰ ਕਰਨਾ ਇਖ਼ਲਾਕੀ ਤੌਰ ‘ਤੇ ਠੀਕ ਨਹੀਂ ਹੈ। ਅਕਾਲੀ ਆਗੂ ਆਖ ਰਹੇ ਹਨ ਕਿ ਜੇ ਚੋਣਾਂ ਵਿੱਚ ਸ਼੍ਰੋਮਣੀ ਕਮੇਟੀ ਦੀ ਮਸ਼ੀਨਰੀ ਦੀ ਵਰਤੋਂ ਹੁੰਦੀ ਤਾਂ ਗੱਲ ਵਾਜਬ ਹੋਣੀ ਸੀ।
ਚੰਦੂਮਾਜਰਾ ਵੱਲੋਂ ਮਾਨ ਨੂੰ ਜ਼ਿੰਮੇਵਾਰੀ ਨਾਲ ਗੱਲ ਕਰਨ ਦੀ ਨਸੀਹਤ
ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਤਾਂ ਖ਼ੁਦ ਹੀ ਜੱਜ ਬਣ ਬੈਠੇ ਹਨ ਜਦੋਂ ਕਿ ਬੇਅਦਬੀ ਮਾਮਲਿਆਂ ਵਿੱਚ ਕਿਸੇ ਵੀ ਅਦਾਲਤ ਵੱਲੋਂ ਕਿਸੇ ਵਿਅਕਤੀ ਨੂੰ ਆਰੋਪੀ ਕਰਾਰ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਜ਼ਿੰਮੇਵਾਰੀ ਨਾਲ ਗੱਲ ਕਰਨੀ ਚਾਹੀਦੀ ਹੈ। ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਤਾਂ ਧਰਮ ਤੇ ਸਿਆਸਤ ਦੇ ਸੁਮੇਲ ਦੀ ਧਾਰਨਾ ‘ਤੇ ਚੱਲ ਰਿਹਾ ਹੈ। ਅਕਾਲੀ ਦਲ ਦੀਆਂ ਕੁਰਬਾਨੀਆਂ ਸਦਕਾ ਹੀ ਸ਼੍ਰੋਮਣੀ ਕਮੇਟੀ ਹੋਂਦ ਵਿੱਚ ਲਿਆਂਦੀ ਗਈ ਹੈ। ਜੇ ਉਹ ਅਕਾਲੀ ਦਲ ਦੀ ਮਦਦ ਕਰ ਰਹੀ ਹੈ ਤਾਂ ਇਸ ‘ਚ ਗ਼ਲਤ ਕੀ ਹੈ।

 

Check Also

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …