Breaking News
Home / ਪੰਜਾਬ / ਸਿਮਰਜੀਤ ਬੈਂਸ ਵੱਲੋਂ ਭਾਜਪਾ ਉਮੀਦਵਾਰ ਦੀ ਹਮਾਇਤ

ਸਿਮਰਜੀਤ ਬੈਂਸ ਵੱਲੋਂ ਭਾਜਪਾ ਉਮੀਦਵਾਰ ਦੀ ਹਮਾਇਤ

ਵਿਜੈ ਰੂਪਾਨੀ ਦੀ ਹਾਜ਼ਰੀ ‘ਚ ਕੀਤਾ ਐਲਾਨ; ਪ੍ਰਧਾਨ ਮੰਤਰੀ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਨੂੰ ਉਦੋਂ ਸਿਆਸੀ ਹੁਲਾਰਾ ਮਿਲਿਆ ਜਦੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਸਿਮਰਜੀਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਕੇਂਦਰ ਵਿੱਚ 2024 ਵਿਚ ਮੁੜ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣੇ ਤੇ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਦੇਸ਼ ਦਾ ਨਾਂ ਉੱਚਾ ਕਰਨ ਵਿੱਚ ਨਰਿੰਦਰ ਮੋਦੀ ਦੀ ਮੋਹਰੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ। ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ 2012 ‘ਚ ਪੰਜਾਬ ਵਿਧਾਨ ਸਭਾ ਦੀ ਚੋਣ ਆਜ਼ਾਦ ਉਮੀਦਵਾਰ ਵਜੋਂ ਲੜੀ ਅਤੇ ਦੋਵੇ ਭਰਾ ਵੱਡੇ ਫਰਕ ਨਾਲ ਜਿੱਤੇ ਸਨ। ਸਿਮਰਜੀਤ ਸਿੰਘ ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਨਸਾਫ਼ ਪਾਰਟੀ ਬਣਾਈ ਤੇ ‘ਆਪ’ ਨਾਲ ਵੀ ਗੱਠਜੋੜ ਕੀਤਾ, ਪਰ ਉਹ ਸਿਰਫ਼ ਦੋ ਸੀਟਾਂ ਹੀ ਬਚਾ ਸਕੇ। ਇਸ ਵਾਰ 2022 ਦੀਆਂ ਚੋਣਾਂ ਇਕੱਲਿਆਂ ਲੜੀਆਂ, ਪਰ ਝਾੜੂ ਅੱਗੇ ਉਹ ਟਿਕ ਨਾ ਸਕੇ। ਇਸ ਮੌਕੇ ਭਾਜਪਾ ਆਗੂ ਵਿਜੈ ਰੂਪਾਨੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਦੇ ਸਮਰਥਨ ਨਾਲ ਭਾਜਪਾ ਮਜ਼ਬੂਤ ਹੋਈ ਹੈ।
ਹਾਲੇ ਭਾਜਪਾ ‘ਚ ਸ਼ਾਮਲ ਨਹੀਂ ਹੋਇਆਂ : ਬੈਂਸ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਜਲੰਧਰ ਵਿੱਚ ਭਾਜਪਾ ਦਾ ਸਾਥ ਦੇਣ ਦਾ ਐਲਾਨ ਕਰਨ ਤੋਂ ਬਾਅਦ ਇੱਥੇ ਲੁਧਿਆਣਾ ਸਥਿਤ ਦਫ਼ਤਰ ਪੁੱਜੇ ਕੇ ਕਿਹਾ ਕਿ ਉਨ੍ਹਾਂ ਉਹ ਅਗਲਾ ਪੂਰਾ ਹਫ਼ਤਾ ਭਾਜਪਾ ਲਈ ਜਲੰਧਰ ਦੀ ਗਲੀ ਗਲੀ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਆਦਮਪੁਰ ਵਿੱਚ ਉਨ੍ਹਾਂ ਦੇ ਨਾਨਕੇ ਹਨ, ਇਸ ਕਰ ਕੇ ਉਨ੍ਹਾਂ ਨੂੰ ਜਲੰਧਰ ਦਾ ਸਭ ਕੁਝ ਪਤਾ ਹੈ। ਲੁਧਿਆਣਾ ਪੁੱਜੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਉਨ੍ਹਾਂ ਦੇ ਸਮਰਥਕਾਂ ਨੇ ਭਰਵਾਂ ਸਵਾਗਤ ਕੀਤਾ। ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਸਮਰਥਨ ਦਾ ਐਲਾਨ ਕੀਤਾ ਹੈ, ਹਾਲੇ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਹ ਆਪਣੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਉਣਗੇ। ਇਸ ਵਿੱਚ ਫੈਸਲਾ ਲਿਆ ਜਾਏਗਾ ਕਿ ਉਹ ਕਦੋਂ ਭਾਜਪਾ ਦੀ ਮੈਂਬਰਸ਼ਿਪ ਲੈਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਕੰਮ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਫਿਲੌਰ ਤੋਂ ਲੈ ਕੇ ਜਲੰਧਰ ਤੱਕ ਕਾਫ਼ੀ ਵਿਧਾਨ ਸਭਾ ਹਲਕੇ ਅਜਿਹੇ ਹਨ, ਜਿਨ੍ਹਾਂ ਦੇ ਲੋਕ ਕੰਮ ਕਰਵਾਉਣ ਲਈ ਉਨ੍ਹਾਂ ਦੇ ਦਫ਼ਤਰ ਆਉਂਦੇ ਰਹੇ ਹਨ। ਇਸ ਕਰਕੇ ਉਥੋਂ ਦੇ ਕਾਫ਼ੀ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਦੀ ਪਾਰਟੀ ਵੱਲੋਂ ਇੱਥੇ ਵਿਧਾਨ ਸਭਾ ਚੋਣਾਂ ਵੀ ਲੜੀਆਂ ਗਈਆਂ ਸਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ

ਸੀਐਮ ਮਾਨ ਨੇ ਮੰਤਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …