16 C
Toronto
Saturday, September 13, 2025
spot_img
Homeਪੰਜਾਬਅੱਠਵੀਂ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ

ਅੱਠਵੀਂ ‘ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ

ਪਹਿਲੇ ਤਿੰਨ ਸਥਾਨ ਲੜਕੀਆਂ ਨੇ ਹਾਸਲ ਕੀਤੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ‘ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 51-51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਬੱਚੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ (ਜ਼ਿਲ੍ਹਾ ਮਾਨਸਾ) ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਤੇ ਗੁਰਅੰਕਿਤ ਕੌਰ ਨੇ ਅੱਠਵੀਂ ਜਮਾਤ ਵਿੱਚੋਂ 600/600 ਅੰਕ ਹਾਸਲ ਕਰਕੇ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ (ਜ਼ਿਲ੍ਹਾ ਲੁਧਿਆਣਾ) ਦੀ ਵਿਦਿਆਰਥਣ ਸਮਰਪ੍ਰੀਤ ਕੌਰ ਨੇ 598 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਧਾਰਨਾ ਦੇ ਉਲਟ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਸੂਬੇ ਭਰ ‘ਚ ਵਧੀਆ ਪ੍ਰਦਰਸ਼ਨ ਕੀਤਾ ਹੈ।
ਮਾਨ ਨੇ ਇਸ ਮੌਕੇ ਇਹ ਵੀ ਕਿਹਾ ਕਿ ਪ੍ਰੀਖਿਆਵਾਂ ‘ਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿੱਚ ਬਰਾਬਰ ਰੈਂਕ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ, ਜਿਸ ਤਹਿਤ 600 ਅੰਕ ਪ੍ਰਾਪਤ ਕਰਨ ਵਾਲੀਆਂ ਦੋਵੇਂ ਵਿਦਿਆਰਥਣਾਂ ਨੂੰ ਪਹਿਲਾ ਰੈਂਕ, 598 ਅੰਕ ਲੈਣ ਵਾਲੀਆਂ ਤਿੰਨ ਵਿਦਿਆਰਥਣਾਂ ਨੂੰ ਦੂਜਾ ਤੇ ਇਸ ਮਗਰੋਂ ਇੱਕ ਸਮਾਨ ਅੰਕ ਹਾਸਲ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਨੂੰ ਤੀਜਾ ਰੈਂਕ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਹੁਲਾਰਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਹੋਰ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ 5ਵੀਂ, 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਤੀ ਇਨਾਮ ਦੇਣ ਲਈ ਨੀਤੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਕੇ ਪਹਿਲਾਂ ਹੀ ਨਵਾਂ ਮਾਪਦੰਡ ਕਾਇਮ ਕੀਤਾ ਹੈ ਤੇ ਹੁਣ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਵੀ ਚੁਸਤ-ਦਰੁੱਸਤ ਕੀਤੇ ਜਾਣਗੇ, ਜੋ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਹਾਜ਼ਰ ਸਨ।

 

RELATED ARTICLES
POPULAR POSTS