7.8 C
Toronto
Thursday, October 30, 2025
spot_img
Homeਪੰਜਾਬਗੁਰਦੁਆਰਾ ਡਾਂਗਮਾਰ ਸਾਹਿਬ ਦਾ ਮਸਲਾ ਹੱਲ

ਗੁਰਦੁਆਰਾ ਡਾਂਗਮਾਰ ਸਾਹਿਬ ਦਾ ਮਸਲਾ ਹੱਲ

ਸਿੱਕਿਮ ਹਾਈਕੋਰਟ ਵੱਲੋਂ ਸਿੱਖ ਭਾਈਚਾਰੇ ਦੇ ਹੱਕ ‘ਚ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਸਿੱਕਿਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ ਹੱਲ ਹੋ ਗਿਆ ਹੈ ਅਤੇ ਹੁਣ ਇਸ ਗੁਰਦੁਆਰਾ ਸਾਹਿਬ ਵਿੱਚ ਮੁੜ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾ ਸਕੇਗਾ।
ਇਸ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸਿੱਕਿਮ ਦੀ ਹਾਈਕੋਰਟ ਨੇ 27 ਅਪਰੈਲ ਨੂੰ ਰਾਜ ਦੇ ਐਡੀਸ਼ਨਲ ਐਡਵੋਕੇਟ ਜਨਰਲ ਦੀ ਅਪੀਲ ਨੂੰ ਧਿਆਨ ਵਿੱਚ ਰੱਖਦਿਆਂ ਸਿੱਖ ਭਾਈਚਾਰੇ ਦੇ ਹੱਕ ‘ਚ ਫ਼ੈਸਲਾ ਦਿੱਤਾ ਹੈ। ਇਸ ਨਾਲ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਮੁੜ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਾਕੀ ਕਾਰਵਾਈ ਨੂੰ ਪਟੀਸ਼ਨਕਰਤਾਵਾਂ ਅਤੇ ਉੱਤਰਦਾਤਾਵਾਂ ਵੱਲੋਂ ਆਪਸੀ ਤਾਲਮੇਲ ਨਾਲ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 14 ਅਗਸਤ 2017 ਨੂੰ ਗੁਰਦੁਆਰਾ ਗੁਰੂ ਡਾਂਗਮਾਰ ਤੋਂ ਪਾਵਨ ਸਰੂਪ ਦਾ ਪ੍ਰਕਾਸ਼ ਜ਼ਬਰਦਸਤੀ ਹਟਾ ਦਿੱਤਾ ਗਿਆ ਸੀ ਅਤੇ ਇਹ ਮਸਲਾ ਲੰਬੇ ਸਮੇਂ ਤੋਂ ਲਟਕ ਰਿਹਾ ਸੀ। ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਲਗਾਤਾਰ ਪੈਰਵੀ ਕੀਤੀ। ਉਸ ਵੇਲੇ ਗੁਰਦੁਆਰਾ ਸਾਹਿਬ ‘ਚੋਂ ਕੁਝ ਸਾਮਾਨ ਹਟਾ ਕੇ ਸੜਕ ‘ਤੇ ਰੱਖ ਦਿੱਤਾ ਗਿਆ ਸੀ।
ਗੁਰੂ ਸਿੰਘ ਸਭਾ ਦੀ ਪਟੀਸ਼ਨ ਗੁਰਦੁਆਰਾ ਗੁਰੂ ਡਾਂਗਮਾਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਯਾਦਾ ਤੇ ਨਿਸ਼ਾਨ ਸਾਹਿਬ ਦੀ ਬਹਾਲੀ, ਗੁਰਦੁਆਰਾ ਕੰਪਲੈਕਸ ਵਿੱਚ ਸਾਰੇ ਅੰਦਰੂਨੀ ਫ਼ਰਨੀਚਰ ਤੇ ਹੋਰ ਪਵਿੱਤਰ ਵਸਤੂਆਂ ਨੂੰ 16.08.2017 ਤੋਂ ਪਹਿਲਾਂ ਵਾਲੀ ਸਥਿਤੀ ‘ਚ ਵਾਪਸ ਲਿਆਉਣ ਨਾਲ ਸਬੰਧਿਤ ਸੀ ਅਤੇ ਰਾਜ ਸਰਕਾਰ ਤੇ ਸਥਾਨਕ ਅਥਾਰਟੀਆਂ ਨੂੰ ਗੁਰਦੁਆਰੇ ਦੇ ਢਾਂਚੇ ਨੂੰ ਤੋੜਨ ਲਈ ਕੋਈ ਵੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨ ਲਈ ਨਿਰਦੇਸ਼ ਦੇਣ ਲਈ ਅਪੀਲ ਕੀਤੀ ਸੀ। ਇਸ ‘ਤੇ ਹਾਈਕੋਰਟ ਨੇ 13.09.2017 ਦੇ ਆਪਣੇ ਹੁਕਮਾਂ ਰਾਹੀਂ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਸਨ।
ਚੇਅਰਮੈਨ ਲਾਲਪੁਰਾ ਨੇ ਦੱਸਿਆ ਕਿ ਕਮਿਸ਼ਨ ਦੀਆਂ ਕੋਸ਼ਿਸ਼ਾਂ ਸਦਕਾ ਇਹ ਮਾਮਲਾ ਹੁਣ ਹੱਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਅਰੁਣਾਚਲ ਪ੍ਰਦੇਸ਼ ਦੇ ਗੁਰਦੁਆਰਾ ਸਾਹਿਬ ਨੂੰ ਬੋਧੀ ਧਰਮ ਅਸਥਾਨ ਵਿੱਚ ਤਬਦੀਲ ਕੀਤੇ ਜਾਣ ਦਾ ਮਾਮਲਾ ਵੀ ਸਬੰਧਤ ਸੂਬੇ ਕੋਲ ਰੱਖਿਆ।

 

RELATED ARTICLES
POPULAR POSTS