ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਦੀ ਮੌਜੂਦਗੀ ’ਚ ਅਟਵਾਲ ਦੇ ਸਮਰਥਨ ਦਾ ਕੀਤਾ ਐਲਾਨ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਨੇ ਆਪਣੇ ਸਾਰੇ ਸਮਰਥਕਾਂ ਦੀ ਸਹਿਮਤੀ ਨਾਲ ਭਾਜਪਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਆਪਣੇ ਸਮਰਥਕਾਂ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਆਪਣੀਆਂ ਕਈ ਮੰਗਾਂ ਵੀ ਭਾਜਪਾ ਅੱਗੇ ਰੱਖੀਆਂ ਜਿਨ੍ਹਾਂ ਵਿਚ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ, ਦਿੱਲੀ ਦੇ ਇੰਦਰਾ ਗਾਂਧੀ ਅੰਤਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਾ ਅਤੇ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਹਕੂਮਤ ਦਾ ਵਿਰੋਧ ਕਰਨ ਵਾਲੇ ਧਰਮੀ ਫੌਜੀ ਦੀ ਰਿਹਾਈ ਵੀ ਉਨ੍ਹਾਂ ਦੀਆਂ ਮੰਗਾਂ ਵਿਚ ਸ਼ਾਮਲ ਹੈ। ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਦੀ ਮੌਜੂਦਗੀ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਅਤੇ ਵਿਰਸੇ ਨਾਲ ਸਬੰਧ ਕਈ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ ਅਤੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰ ਪਾਉਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਸੰਭਵ ਜਾਪਦਾ ਹੈ। ਸ਼ੋ੍ਰਮਣੀ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਬੀਬੀ ਜਗੀਰ ਕੌਰ ਨਾਲ ਲੰਘੇ ਦਿਨੀਂ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਵੀ ਗੱਲਬਾਤ ਕੀਤੀ ਸੀ ਪ੍ਰੰਤੂ ਉਹ ਨਹੀਂ ਮੰਨੇ।