ਆਮ ਆਦਮੀ ਪਾਰਟੀ ਅਤੇ ਕਾਂਗਰਸ ਲਈ ਵੱਕਾਰ ਦਾ ਸਵਾਲ ਬਣੀ ਇਹ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਹ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਪਹਿਲਾਂ ਇਹ ਸੀਟ ਕਾਂਗਰਸ ਪਾਰਟੀ ਕੋਲ ਸੀ ਅਤੇ ਉਹ ਹੁਣ ਵੀ ਇਸ ਸੀਟ ’ਤੇ ਜਿੱਤ ਹਾਸਲ ਕਰਨਾ ਚਾਹੁੰਦੀ ਹੈ। ਉਧਰ ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣਾ ਵੱਕਾਰ ਦਾ ਸਵਾਲ ਬਣ ਗਿਆ ਹੈ। ਉਹ ਇਸ ਕਰਕੇ ਪਹਿਲਾਂ ਆਮ ਆਦਮੀ ਪਾਰਟੀ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਹਾਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਭਾਵੇਂ ਆਮ ਆਦਮੀ ਪਾਰਟੀ ਦੀ ਦਿੱਲੀ ਅਤੇ ਪੰਜਾਬ ਵਿਚ ਸਰਕਾਰ ਹੈ, ਪਰ ‘ਆਪ’ ਕੋਲ ਇਸ ਸਮੇਂ ਕੋਈ ਵੀ ਲੋਕ ਸਭਾ ਸੀਟ ਨਹੀਂ ਹੈ। ਇਹ ਵੀ ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 19 ਉਮੀਦਵਾਰ ਚੋਣ ਮੈਦਾਨ ਵਿਚ ਹਨ। ਪਰ ਮੁੱਖ ਚੋਣ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਭਾਜਪਾ ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਵਿਚਾਲੇ ਹੀ ਹੋਵੇਗਾ। ਇਸੇ ਦੌਰਾਨ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਫਸਵੀਂ ਟੱਕਰ ਹੈ। ਬਾਕੀ 13 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤ ਹਾਸਲ ਕਰਦਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਪਿਛਲੇ ਸਮੇਂ ਦੌਰਾਨ ਦਿਹਾਂਤ ਹੋ ਗਿਆ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ।