ਮੰਤਰੀ ਖਿਲਾਫ ਲੱਗੇ ਆਰੋਪਾਂ ਦੇ ਮਾਮਲੇ ਵਿਚ ‘ਸਿਟ’ ਕਾਇਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਲੱਗੇ ਆਰੋਪਾਂ ਦੀ ਪੜਤਾਲ ਲਈ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਗਈ ਹੈ। ਗੁਰਦਾਸਪੁਰ ਦੇ ਐੱਸਐੱਸਪੀ (ਡੀ) ਹਰੀਸ਼ ਕੁਮਾਰ ਅਤੇ ਪਠਾਨਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਐੱਚ ਪੀ ਐੱਸ ਖੱਖ ਨੂੰ ਸਿਟ ਦਾ ਮੈਂਬਰ ਬਣਾਇਆ ਗਿਆ ਹੈ। ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਦਫ਼ਤਰ ਵੱਲੋਂ ਸਿਟ ਦੇ ਗਠਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਵੱਲੋਂ ਜਾਰੀ ਹੁਕਮਾਂ ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਦੇ ਹੁਕਮਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਸ਼ਿਕਾਇਤਕਰਤਾ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਜਾਵੇਗੀ। ਧਿਆਨ ਰਹੇ ਕਿ ਕਾਂਗਰਸ ਪਾਰਟੀ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਮੰਤਰੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਸਿਆਸੀ ਮੈਦਾਨ ਭਖਿਆ ਹੋਣ ਕਰਕੇ ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਖਿਲਾਫ ਡਟ ਕੇ ਪ੍ਰਚਾਰ ਕੀਤਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਗ੍ਰਹਿ ਵਿਭਾਗ ਨੂੰ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੀੜਤ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਏ ਜਾਣ ਮਗਰੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਸੀ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਦੀ ਜਾਂਚ ਰਿਪੋਰਟ 15 ਦਿਨਾਂ ਦੇ ਨਿਰਧਾਰਿਤ ਸਮੇਂ ਅੰਦਰ ਕਮਿਸ਼ਨ ਨੂੰ ਸੌਂਪ ਦਿੱਤੀ ਜਾਵੇਗੀ।