16 ਲੱਖ 21 ਹਜ਼ਾਰ ਵੋਟਰ ਤੈਅ ਕਰਨਗੇ 19 ਉਮੀਦਵਾਰਾਂ ਦੀ ਕਿਸਤ ਦਾ ਫੈਸਲਾ
ਜਲੰਧਰ/ਬਿਊਰੋ ਨਿਊਜ਼ : ਜਲੰਧਰ ’ਚ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਮੈਦਾਨ ਵਿਚ ਕੁਲ 19 ਉਮੀਦਵਾਰ ਆਪਣੀ ਕਿਸਮਤ ਅਜਾ ਰਹੇ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਜਲੰਧਰ ਲੋਕ ਸਭਾ ਹਲਕੇ ਦੇ 16 ਲੱਖ 21 ਹਜ਼ਾਰ 800 ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿਚ 1972 ਪੋਲਿੰਗ ਬੂਥ ਬਣਾਏ ਗਏ ਹਨ ਜਿੱਥੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਇਸੇ ਸਾਲ ਜਨਵਰੀ ’ਚ ਹਾਰਟ ਅਟੈਕ ਕਾਰਨ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋ ਗਈ ਸੀ, ਜਿੱਥੇ ਅੱਜ ਵੋਟਿੰਗ ਹੋ ਰਹੀ ਹੈ। ਉਧਰ ਕਰਨਾਟਕ ਵਿਧਾਨ ਸਭਾ ਦੀਆਂ 224 ਸੀਟਾਂ ਲਈ ਵੀ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਥੇ 2614 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਜਾਵੇਗਾ। ਇਨ੍ਹਾਂ ਚੋਣਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਉਧਰ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਸਮੇਤ ਕਰਨਾਟਕਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।