Breaking News
Home / ਪੰਜਾਬ / ਪਟਿਆਲਾ ’ਚ ਨਵੇਂ ਬੱਸ ਅੱਡੇ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਪਟਿਆਲਾ ’ਚ ਨਵੇਂ ਬੱਸ ਅੱਡੇ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਹਰ ਰੋਜ਼ ਕਿਸੇ ਨਾ ਕਿਸੇ ਨਵੀਂ ਯੋਜਨਾ ਦਾ ਹੋ ਰਿਹਾ ਉਦਘਾਟਨ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕੀਤਾ। ਇਸ ਨਵੇਂ ਬੱਸ ਅੱਡੇ ਦੀ ਉਸਾਰੀ ’ਤੇ 60 ਕਰੋੜ 97 ਲੱਖ ਰੁਪਏ ਖਰਚੇ ਗਏ ਹਨ। ਇਸ ਮੌਕੇ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਤੇ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਦੇ ਦੌਰੇ ਕਾਰਨ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ ਤੇ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਪੰਜਾਬ ਵਿਚ ਵਿਕਾਸ ਕਾਰਜ ਦੇਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹਰ ਰੋਜ਼ ਕਿਸੇ ਨਾ ਕਿਸੇ ਨਵੀਂ ਯੋਜਨਾ ਦਾ ਉਦਘਾਟਨ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਕੋਲੋਂ ਪੁੱਛ-ਪੁੱਛ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ। ਸੀਐਮ ਮਾਨ ਨੇ ਦੱਸਿਆ ਪਟਿਆਲਾ ਦੇ ਇਸ ਨਵੇਂ ਬੱਸ ਅੱਡੇ ਦੇ 45 ਕਾਊਂਟਰਾਂ ਤੋਂ ਕਰੀਬ 1500 ਬੱਸਾਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਇਸ ਨਵੇਂ ਬੱਸ ਅੱਡੇ ’ਤੇ ਲੋਕਾਂ ਦੀ ਸਹੂਲਤ ਲਈ ਦੁਕਾਨਾਂ ਵੀ ਖੋਲ੍ਹੀਆਂ ਜਾਣਗੀਆਂ। ਮੁੱਖ ਮੰਤਰੀ ਨੇ ਜਲੰਧਰ ਦੀ ਜ਼ਿਮਨੀ ਚੋਣ ਸਬੰਧੀ ਗੱਲ ਕਰਦਿਆਂ ਕਿਹਾ ਕਿ ਜਲੰਧਰ ਵਿਚ ਬਿਜਲੀ ਬਿੱਲ, ਸਕੂਲ, ਮੁਹੱਲਾ ਕਲੀਨਿਕ, ਸੜਕਾਂ, ਪੁਲ ਅਤੇ ਕਾਰੋਬਾਰ ਵਧਾਉਣ ਤੇ ਕਿਸਾਨਾਂ ਦੀ ਗੱਲ ਕਰਨ ਵਾਲਿਆਂ ਨੂੰ ਵੋਟਾਂ ਪਈਆਂ ਹਨ। ਇਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਲੋਕਾਂ ਨਾਲ ਧੋਖਾ ਕਰਕੇ ਆਪਣੇ ਬਿਜਨਸ ਸਥਾਪਤ ਕਰ ਲਏ ਸਨ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਵਿਕਾਸ ਵੱਲ ਵਧ ਰਿਹਾ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …