ਭਾਰੀ ਬਰਫਬਾਰੀ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਲਈ ਯਾਤਰਾ ’ਤੇ ਪਾਬੰਦੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹੇਮਕੁੰਟ ਸਾਹਿਬ ਦੀ 20 ਮਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਯਾਤਰਾ ਲਈ ਪਹਿਲਾ ਜਥਾ ਭਲਕੇ 17 ਮਈ ਨੂੰ ਸਵੇਰੇ 10 ਵਜੇ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ, ਜਿਸ ’ਚ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਇਸ ਦੌਰਾਨ ਰਾਜਪਾਲ ਤੇ ਮੁੱਖ ਮੰਤਰੀ ਵਲੋਂ ਪੰਜ ਪਿਆਰਿਆਂ ਨੂੰ ਸਨਮਾਨਿਤ ਕਰਕੇ ਜਥੇ ਨੂੰ ਰਵਾਨਾ ਕਰਨ ਦੀ ਰਸਮ ਨਿਭਾਈ ਜਾਵੇਗੀ। ਇਸ ਸਬੰਧੀ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਲਈ ਪ੍ਰਬੰਧਕ ਕਮੇਟੀ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ’ਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਲੰਗਰ, ਰਿਹਾਇਸ਼, ਸਿਹਤ ਸੇਵਾਵਾਂ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧਾਂ ਤਹਿਤ ਹਰਿਦੁਆਰ, ਰਿਸ਼ੀਕੇਸ, ਸ੍ਰੀਨਗਰ, ਜੋਸ਼ੀ ਮੱਠ, ਗੋਬਿੰਦ ਘਾਟ ਅਤੇ ਗੋਬਿੰਦ ਧਾਮ ਆਦਿ ਸਥਾਨਾਂ ਵਿਖੇ ਬਣਾਈਆਂ ਗਈਆਂ ਸਰਾਵਾਂ ’ਚ ਟਰੱਸਟ ਵਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਹ ਵੀ ਦੱਸਿਆ ਗਿਆ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਬੱਚਿਆਂ ਅਤੇ 60 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਦੀ ਯਾਤਰਾ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ 20 ਮਈ ਤੋਂ ਦਰਸ਼ਨਾਂ ਲਈ ਖੁੱਲ੍ਹ ਰਹੇ ਹਨ।