10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਕੱਚੇ ਕਾਮੇ ਸ਼ਰਤਾਂ ਤਹਿਤ ਹੋਣਗੇ ਪੱਕੇ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ’ਚ ਡੇਲੀਵੇਜ਼, ਐਡਹਾਕ ਅਤੇ ਟੈਂਪਰੇਰੀ ਤੌਰ ’ਤੇ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਇਕ ਨਵੀਂ ਪਾਲਿਸੀ ਬਣਾਈ ਹੈ। ਨਵੀਂ ਪਾਲਿਸੀ ਤਹਿਤ 10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਨਵੀਂ ਪਾਲਿਸੀ ਅਨੁਸਾਰ ਕਰਮਚਾਰੀਆਂ ਨੂੰ ਪੱਕਾ ਹੋਣ ਦੇ ਲਈ ਸਰਵਿਸ ਰੂਲ ਅਨੁਸਾਰ ਵਿੱਦਿਅਕ ਯੋਗਤਾ, ਅਹੁਦੇ ਦੇ ਤਜ਼ਰਬੇ ਸਮੇਤ ਹੋਰ ਸ਼ਰਤਾਂ ਵੀ ਪੂਰੀਆਂ ਕਰਨੀਆਂ ਹੋਣਗੀਆਂ। ਪੱਕਾ ਹੋਣ ਵਾਲੇ ਕੱਚੇ ਕਾਮਿਆਂ ਦੇ ਪਿਛਲੇ 10 ਸਾਲਾਂ ਦੇ ਸਰਵਿਸ ਰਿਕਾਰਡ ਨੂੰ ਵੀ ਚੈਕ ਕੀਤਾ ਜਾਵੇਗਾ। ਜਿਹੜੇ ਵਿਅਕਤੀ ਉਪਰੋਕਤ ਦੱਸੀਆਂ ਗਈਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਨਗੇ ਉਨ੍ਹਾਂ ’ਤੇ ਇਹ ਪਾਲਿਸੀ ਲਾਗੂ ਨਹੀਂ ਹੋਵੇਗੀ। ਵੱਖ-ਵੱਖ ਵਿਭਾਗਾਂ ’ਚ ਕੰਮ ਕਰਨ ਵਾਲੇ ਹਜ਼ਾਰਾਂ ਕਰਮਚਾਰੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਕੋਲੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ ਅਤੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਇਸ ਸਬੰਧੀ ਮਨਜ਼ੂਰੀ ਵੀ ਦੇ ਦਿੱਤੀ ਹੈ। ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ ਗਏ।