ਸਾਬਕਾ ਮੁੱਖ ਮੰਤਰੀ, ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਚੱਲ ਰਹੀ ਹੈ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਜ਼ਿਆਦਾਤਰ ਕਾਂਗਰਸੀ ਲੀਡਰ ਹਨ। ਕਾਂਗਰਸ ਪਾਰਟੀ ਦੇ ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ‘ਆਪ’ ਸਰਕਾਰ ਜਾਂਚ ਕਰ ਰਹੀ ਹੈ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਵੀ ਵਿਜੀਲੈਂਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਸੀ। ਇਸਦੇ ਚੱਲਦਿਆਂ ਹੁਣ ਭਗਵੰਤ ਮਾਨ ਦੀ ਸਰਕਾਰ ਪਿਛਲੀ ਸਰਕਾਰ ਦੇ ਕਾਰਜਕਾਲ ਸਮੇਂ ਹੋਏ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਤਾਬੜਤੋੜ ਐਕਸ਼ਨ ਲੈ ਰਹੀ ਹੈ। ਜਿਨ੍ਹਾਂ ਵੱਡੇ ਆਗੂਆਂ ਖਿਲਾਫ ਵਿਜੀਲੈਂਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਸੀਐਮ ਓਪੀ ਸੋਨੀ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਪਿਛਲੇ ਦਿਨੀਂ ਜ਼ਮਾਨਤ ’ਤੇ ਜੇਲ੍ਹ ਵਿਚੋਂ ਬਾਹਰ ਆ ਚੁੱਕੇ ਹਨ ਅਤੇ ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਅਜੇ ਤੱਕ ਜੇਲ੍ਹ ਵਿਚ ਹੀ ਹਨ। ਧਿਆਨ ਰਹੇ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਕਾਂਗਰਸ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਵਰਤਾਰੇ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਚਾਹੇ ਜਿਹੜੀ ਮਰਜ਼ੀ ਪਾਰਟੀ ਸ਼ਾਮਲ ਹੋ ਜਾਣ, ਜੇਕਰ ਉਹ ਭਿ੍ਰਸ਼ਟਾਚਾਰ ਦੇ ਮਾਮਲਿਆਂ ’ਚ ਆਰੋਪੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਜ਼ਰੂਰੀ ਹੋਵੇਗੀ।