ਕਿਹਾ : ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਮੁੜ ਗੱਠਜੋੜ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਹਰਦੀਪ ਪੁਰੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ 25 ਸਾਲ ਗੱਠਜੋੜ ਰਿਹਾ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੇ ਵੋਟਰਾਂ ਵਿਚ ਆਪਣੀ ਭਰੋਸੇਯੋਗਤਾ ਗੁਆ ਚੁੱਕਿਆ ਹੈ, ਜਿਸ ਦਾ ਹਾਲ ਜਲੰਧਰ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਦੌਰਾਨ ਦੇਖਿਆ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਕੁਝ ਆਗੂ ਪਿਛਲੇ ਸਮੇਂ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਸਨ ਅਤੇ ਹੁਣ ਜੇਕਰ ਵੀ ਅਕਾਲੀ ਦੇ ਆਗੂ ਭਾਜਪਾ ਵਿਚ ਸ਼ਾਮਲ ਹੋ ਕੇ ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਾ ਚਾਹੁੰਦੇ ਹਨ ਤਾਂ ਇਹ ਇਕ ਵੱਖਰੀ ਗੱਲ ਹੈ ਪ੍ਰੰਤੂ 2024 ਦੀਆਂ ਲੋਕ ਸਭਾ ਚੋਣਾਂ ਦਰਮਿਆਨ ਸ਼ੋ੍ਰਮਣੀ ਅਕਾਲੀ ਦਲ ਨਾਲ ਭਾਜਪਾ ਵੱਲੋਂ ਕੋਈ ਗੱਠਜੋੜ ਨਹੀਂ ਕੀਤਾ ਜਾਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਮੁਫਤ ਦਿੱਤੇ ਗਏ ਤੋਹਫਿਆਂ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਨਹੀਂ ਮਿਲੇਗਾ ਕਿਉਂਕਿ ਸੂਬਾ ਪਹਿਲਾਂ ਹੀ ਬਹੁਤ ਜ਼ਿਆਦਾ ਕਰਜ਼ੇ ਬੋਝ ਹੇਠ ਦਬਿਆ ਹੋਇਆ ਹੈ।