ਹਾਈਕੋਰਟ ਸੋਮਵਾਰ ਨੂੰ ਸੁਣਾਏਗਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਰੀਵਿਊ ਕਰਦੇ ਹੋਏ ਸੀਲਬੰਦ ਰਿਪੋਰਟ ਸੌਂਪੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਇਸ ਮਾਮਲੇ ਸਬੰਧੀ ਸੁਣਵਾਈ ਹੋਵੇਗੀ। ਧਿਆਨ ਰਹੇ ਕਿ 6 ਦਿਨ ਪਹਿਲਾਂ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਸਟੇਟਸ ਰਿਪੋਰਟ ਸੌਂਪ ਨਹੀਂ ਸਕੀ ਸੀ। ਉਨ੍ਹਾਂ ਨੇ ਇਸਦੇ ਪਿੱਛੇ ਦਾ ਕਾਰਨ ਕੇਂਦਰੀ ਏਜੰਸੀਆਂ ਕੋਲੋਂ ਜਵਾਬ ਨਾ ਆਉਣਾ ਦੱਸਿਆ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖਲ ਕਰਨ ਦੇ ਆਦੇਸ਼ ਦਿੱਤੇ ਸਨ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਹਾਲ ਹੀ ਦੌਰਾਨ ਰੋਡਰੇਜ਼ ਦੇ ਮਾਮਲੇ ਵਿਚ ਇਕ ਸਾਲ ਦਾ ਸਜ਼ਾ ਕੱਟ ਕੇ ਪਟਿਆਲਾ ਦੀ ਜੇਲ੍ਹ ਵਿਚੋਂ ਬਾਹਰ ਆਏ ਹਨ। ਉਸ ਤੋਂ ਬਾਅਦ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਨਵਜੋਤ ਸਿੱਧੂ ਦੀ ਸੁਰੱਖਿਆ ਜੈਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕੀਤੀ ਸੀ। ਇਸਦੇ ਚੱਲਦਿਆਂ ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੇ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੀ ਸੁਰੱਖਿਆ ਵਿਚ ਪਹਿਲਾਂ 25 ਸੁਰੱਖਿਆ ਕਰਮਚਾਰੀ ਸਨ, ਜਿਨ੍ਹਾਂ ਨੂੰ ਹੁਣ ਘਟਾ ਕੇ 13 ਕਰ ਦਿੱਤਾ ਗਿਆ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …