ਫਰੀਦਕੋਟ : ਇਕ ਪਾਸੇ ਆਮਦਨ ਤੋਂ ਵੱਧ ਜਾਇਦਾਦ ਅਤੇ ਖਰਚਿਆਂ ਦੇ ਮਾਮਲੇ ‘ਚ ਵਿਜੀਲੈਂਸ ਨੇ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੂਜੇ ਪਾਸੇ ਧੋਖਾਧੜੀ ਅਤੇ ਭ੍ਰਿਸ਼ਟਾਚਾਰੀ ਮਾਮਲਿਆਂ ‘ਚ ਫੜੇ ਗਏ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਉਹ ਜੇਲ੍ਹ ਤੋਂ ਬਾਹਰ ਆ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਲੰਘੇ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਸੀ। ਇਸਦੇ ਚੱਲਦਿਆਂ ਵਿਜੀਲੈਂਸ ਦੀ ਟੀਮ ਵਲੋਂ ਕਿੱਕੀ ਢਿੱਲੋਂ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਪੁੱਛਗਿੱਛ ਲਈ ਸਾਬਕਾ ਵਿਧਾਇਕ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਫਰੀਦਕੋਟ ਦੇ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਹੋਰ ਵਿਅਕਤੀਆਂ ਦੇ ਨਾਮ ‘ਤੇ ਜਾਇਦਾਦ ਖਰੀਦੀ ਹੈ। ਇਸ ਮਾਮਲੇ ਦੀ ਹੋਰ ਜਾਂਚ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਸਬੰਧੀ ਕਾਂਗਰਸ ਦੇ ਕਈ ਹੋਰ ਸੀਨੀਅਰ ਆਗੂਆਂ ਖਿਲਾਫ ਵੀ ਜਾਂਚ ਚੱਲ ਰਹੀ ਹੈ।