Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਆਰੰਭ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਆਰੰਭ

ਰਿਸ਼ੀਕੇਸ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਬੁੱਧਵਾਰ ਨੂੰ ਆਪਣੇ ਮੁਢਲੇ ਪੜਾਅ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਉੱਤਰਾਖੰਡ ਤੋਂ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ‘ਚ ਮਰਿਆਦਾ ਅਨੁਸਾਰ ਸ਼ੁਰੂ ਹੋ ਗਈ। ਇਸ ਦੌਰਾਨ ਯਾਤਰਾ ਦੇ ਪਹਿਲੇ ਜਥੇ ਨੂੰ ਰਵਾਨਾ ਕਰਨ ਦੀ ਰਸਮ ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ, ਮੁੱਖ ਮੰਤਰੀ ਉੱਤਰਾਖੰਡ ਪੁਸ਼ਕਰ ਸਿੰਘ ਧਾਮੀ ਅਤੇ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਨਿਭਾਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਰਮੇਸ਼ ਪੋਖਰਿਆਲ ਨਿਸ਼ੰਕ, ਕੈਬਨਿਟ ਮੰਤਰੀ ਸਤਪਾਲ ਮਹਾਰਾਜ ਅਤੇ ਕੈਬਨਿਟ ਮੰਤਰੀ ਪ੍ਰੇਮ ਚੰਦ ਅਗਰਵਾਲ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਤੇ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ। ਇਸ ਮੌਕੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਵਿਖੇ ਹਿਮਾਲਿਆ ਦੀਆਂ ਸੱਤ ਖ਼ੂਬਸੂਰਤ ਬਰਫ਼ੀਲੀ ਪਹਾੜੀਆਂ ਦਰਮਿਆਨ ਝੂਲਦੇ ਨਿਸ਼ਾਨ ਸਾਹਿਬ ਅਤੇ ਅਤੇ ਚਾਂਦੀ ਦੀ ਚਮਕ ਬਿਖੇਰਨ ਵਾਲੇ ਪਵਿੱਤਰ ਸਰੋਵਰ ਦੀਆਂ ਤਰੰਗਾਂ ‘ਚੋਂ ਅਧਿਆਤਮਿਕ ਸ਼ਕਤੀ ਦਾ ਅਹਿਸਾਸ ਹੁੰਦਾ ਹੈ, ਜਿਥੇ ਆਤਮਾ ਅਤੇ ਪ੍ਰਮਾਤਮਾ ਦਾ ਮੇਲ ਹੁੰਦਾ ਹੈ। ਇਸੇ ਦੌਰਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਆਰੰਭ ਹੋਣ ‘ਤੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਹਮੇਸ਼ਾ ਹੀ ਮਾਨਵਤਾ ਦਾ ਸੰਦੇਸ਼ ਦਿੰਦੇ ਹੋਏ ਹੱਕ ਸੱਚ ਲਈ ਡਟਣ ਅਤੇ ਜ਼ੁਲਮ ਦਾ ਟਾਕਰਾ ਕਰਨ ਦਾ ਜਜ਼ਬਾ ਦਿੱਤਾ ਹੈ, ਉਸ ਦੇ ਚੱਲਦਿਆਂ ਹੀ ਅੱਜ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ।
ਇਸ ਦੌਰਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਹਿੰਦੇ ਹੋਏ ਕਿ ਸਿਹਤ ਅਤੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਯਾਤਰਾ ਕੀਤੀ ਜਾਵੇ। ਇਸ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

 

Check Also

‘ਆਪ’ ਦੇ ਦੋਵੇਂ ਮੁੱਖ ਮੰਤਰੀ ਗਏ ਨਵੇਂ ਘਰ

ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚੋਂ ਗ੍ਰਿਫ਼ਤਾਰ ਕਰ, ਰਿਮਾਂਡ ‘ਤੇ ਲੈ ਸੀਬੀਆਈ ਲੈ ਗਈ ਆਪਣੇ …