Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਖਿਲਾਫ ਐਕਸ਼ਨ ਪ੍ਰੋਗਰਾਮ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਖਿਲਾਫ ਐਕਸ਼ਨ ਪ੍ਰੋਗਰਾਮ ਦਾ ਐਲਾਨ

ਮੋਰਚੇ ਦੀਆਂ ਰਹਿੰਦੀਆਂ ਮੰਗਾਂ ਸਬੰਧੀ 28 ਨੂੰ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਚਿਤਾਵਨੀ ਪੱਤਰ
ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ ਵਿਚ ਮਤਾ ਪਾਸ ਕਰਨ ਲਈ 28 ਮਈ ਨੂੰ ਸਾਰੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁਕੇਸ਼ ਚੰਦਰ ਸ਼ਰਮਾ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਮਨਜੀਤ ਸਿੰਘ ਰਾਏ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ 28 ਮਈ ਨੂੰ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਰੋਸ ਪ੍ਰਦਰਸ਼ਨ ਕਰ ਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ।
ਇਸ ਮੌਕੇ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਣ ਨੂੰ ਤਰਕਸੰਗਤ ਕਰਨ ਅਤੇ 10 ਤੋਂ 16 ਜੂਨ ਤੱਕ ਸਾਰੇ ਪੰਜਾਬ ਵਿੱਚ ਝੋਨਾ ਲਗਾਉਣ ਦੀ ਤਰੀਕ ਨਿਸ਼ਚਿਤ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਡਾ. ਨਵਸ਼ਰਨ ਦੇ ਘਰ ਈਡੀ ਦੇ ਛਾਪੇ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਗਈ। ਮੀਟਿੰਗ ਦੌਰਾਨ ਗੰਨਾ, ਸਬਜ਼ੀਆਂ ਤੇ ਹੋਰ ਫ਼ਸਲਾਂ ਵਾਸਤੇ 10 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਮੰਗ ਕੀਤੀ ਗਈ।
ਪਹਿਲਵਾਨਾਂ ਦਾ ਸਮਰਥਨ: ਬੀਕੇਯੂ ਡਕੌਂਦਾ ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਦਿੱਲੀ ਦੇ ਜੰਤਰ ਮੰਤਰ ‘ਤੇ ਚੱਲ ਰਹੇ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ‘ਚ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤੇ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਖਿਲਾਫ ਕੇਸ ਦਰਜ ਹੋਏ ਨੂੰ ਹਫ਼ਤਾ ਹੋ ਗਿਆ ਹੈ ਪਰ ਅੱਜ ਤੱਕ ਵੀ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬ੍ਰਿਜ ਭੂਸ਼ਨ ਖਿਲਾਫ ਇੱਕ ਕੇਸ ਨਾਬਾਲਗ ਨਾਲ ਜਿਨਸੀ ਦੁਰਵਿਹਾਰ ਦਾ ਵੀ ਹੈ ਅਤੇ ਪੋਕਸੋ ਐਕਟ ਤਹਿਤ ਐੱਫਆਈਆਰ ਦਰਜ ਹੋਈ ਹੈ, ਇਸ ਵਿੱਚ ਮੁਲਜ਼ਮ ਨੂੰ ਹਿਰਾਸਤ ‘ਚ ਲੈਣਾ ਜ਼ਰੂਰੀ ਹੁੰਦਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ, ਬਠਿੰਡਾ, ਫ਼ਰੀਦਕੋਟ, ਮੋਗਾ, ਲੁਧਿਆਣਾ, ਮਾਲੇਰਕੋਟਲਾ, ਮੁਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਜਥੇਬੰਦੀ ਦੀਆਂ ਜ਼ਿਲ੍ਹਾ ਕਮੇਟੀਆਂ ਦੀ ਅਗਵਾਈ ਵਿੱਚ ਮੰਗ ਪੱਤਰ ਦਿੱਤੇ ਗਏ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਪਹਿਲਵਾਨਾਂ ਦੇ ਸੰਘਰਸ਼ ਦੀ ਜਿੱਤ ਤੱਕ ਹਰ ਸੰਭਵ ਮੱਦਦ ਕੀਤੀ ਜਾਵੇਗੀ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …