ਕਿਹਾ : ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ
ਕਪੂਰਥਲਾ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕੀਤੇ ਜਾਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਕਪੂਰਥਲਾ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਪੁਰੀ ਨੇ ਕਿਹਾ ਕਿ ਭਾਜਪਾ 25 ਸਾਲ ਅਕਾਲੀ ਦਲ ਨਾਲ ਗੱਠਜੋੜ ਵਿਚ ਰਹੀ ਪਰ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰ ਸਕਿਆ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵੋਟਰਾਂ ਵਿਚ ਆਪਣੀ ਭਰੋਸੇਯੋਗਤਾ ਗੁਆ ਚੁੱਕਾ ਹੈ, ਜਿਵੇਂ ਕਿ ਹਾਲ ਹੀ ਵਿਚ ਜਲੰਧਰ ਉਪ ਚੋਣ ਦੇ ਨਤੀਜਿਆਂ ਵਿਚ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਨਾਲ ਕਿਸੇ ਵੀ ਗੱਠਜੋੜ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ। ਹਾਲਾਂਕਿ, ਪੁਰੀ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੇ ਕੁਝ ਚੰਗੇ ਆਗੂ ਜਾਂ ਹਾਲ ਹੀ ਵਿਚ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਕੇ ਭਗਵਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਾ ਚਾਹੁੰਦੇ ਹਨ ਤਾਂ ਇਹ ਵੱਖਰੀ ਗੱਲ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਮੰਤਰੀ ਨੇ ਕਿਹਾ ਕਿ ‘ਮੁਫ਼ਤ’ ਦੀਆਂ ਸਕੀਮਾਂ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਮਦਦ ਨਹੀਂ ਕਰਨਗੀਆਂ, ਕਿਉਂਕਿ ਸੂਬਾ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦੱਬਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ 2014 ਤੋਂ ਚੋਣਾਵੀ ਗਿਰਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਨੇ ਹੁਣ ਰੱਦ ਕੀਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ 2020 ਵਿਚ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ। ਹਾਲ ਹੀ ਵਿਚ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਨੇ ਵੀ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।