ਪੰਜਾਬ ’ਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ 31 ਮਈ ਤੱਕ ਛੱਡਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਵਿਅਕਤੀ 31 ਮਈ ਤੱਕ ਨਜਾਇਜ਼ ਕਬਜ਼ੇ ਨਹੀਂ ਛੱਡਣਗੇ, ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸਦੇ ਲਈ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ। ਭਗਵੰਤ ਮਾਨ ਨੇ ਵਿਸ਼ੇਸ਼ ਤੌਰ ’ਤੇ ਸਰਕਾਰੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਕਰੀ ਬੈਠੇ ਵਿਅਕਤੀਆਂ ਖਿਲਾਫ ਸਖਤ ਐਕਸ਼ਨ ਲੈਣ ਦੀ ਗੱਲ ਕਹੀ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਵਲੋਂ ਸਾਲ 2022 ਤੋਂ ਪੰਚਾਇਤੀ, ਸ਼ਾਮਲਾਟ ਅਤੇ ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਇਸ ਤੋਂ ਪਹਿਲਾਂ ਵੀ ਚਿਤਾਵਨੀਆਂ ਜਾਰੀ ਕਰ ਚੁੱਕੇ ਹਨ। ਇਸੇ ਦੌਰਾਨ ਪੰਚਾਇਤੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਦੇ ਕਈ ਹਿੱਸਿਆਂ ਵਿਚੋਂ ਨਜ਼ਾਇਜ਼ ਕਬਜ਼ੇ ਛੁਡਵਾ ਵੀ ਚੁੱਕੇ ਹਨ।
Check Also
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯਾਤਰਾ ਚੌਥੇ ਦਿਨ ਵੀ ਜਾਰੀ
ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ …