ਐਸਜੀਪੀਸੀ ਨੇ ਬੁਲਾਈ ਅੰਤਰਿਮ ਕਮੇਟੀ ਦੀ ਬੈਠਕ
ਅੰਮਿ੍ਰਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ’ਤੇ ਮੰਗਣੀ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਇੱਕ ਵਾਰ ਮੁੜ ਇਸ ਸਮਾਗਮ ਵਿੱਚ ਜਥੇਦਾਰ ਦੀ ਸ਼ਮੂਲੀਅਤ ਦਾ ਮਾਮਲਾ ਭਖ਼ ਗਿਆ ਹੈ। ਵੱਡੀ ਗਿਣਤੀ ਲੋਕਾਂ ਵੱਲੋਂ ਇਨ੍ਹਾਂ ਤਸਵੀਰਾਂ ’ਤੇ ਪ੍ਰਤੀਕਿਰਿਆਵਾਂ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ 13 ਮਈ ਨੂੰ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਇਹ ਸਮਾਗਮ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਕਰਵਾਇਆ ਗਿਆ ਸੀ। ਇਸ ਸਮਾਗਮ ਦੀਆਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ’ਤੇ ਵੱਡੀ ਗਿਣਤੀ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਇਸਦੇ ਚੱਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 20 ਮਈ ਨੂੰ ਅੰਤਰਿਮ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਬੈਠਕ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗੀ। ਮੀਡੀਆ ’ਚ ਆਈ ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਵਿਚਾਰ ਹੋ ਸਕਦਾ ਹੈ।