ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਮਈ ਨੂੰ ਕਰਨਾ ਹੈ ਉਦਘਾਟਨ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਚ ਸੰਸਦ ਭਵਨ ਦੀ ਨਵੀਂ ਇਮਾਰਤ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਇਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਉਂਦੀ 28 ਮਈ ਨੂੰ ਕੀਤਾ ਜਾਵੇਗਾ। ਇਸਦੇ ਚੱਲਦਿਆਂ 19 ਵਿਰੋਧੀ ਸਿਆਸੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਦੇ ਇਸ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਦੇ ਹੋਏ ਇਸ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਚ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ, ਅਰਵਿੰਦ ਕੇਜਰੀਵਾਲ ਦੀ ਪਾਰਟੀ ਆਮ ਆਦਮੀ ਪਾਰਟੀ, ਐਨ.ਸੀ.ਪੀ., ਡੀ.ਐਮ.ਕੇ., ਲਾਲੂ ਪ੍ਰਸਾਦ ਯਾਦਵ ਦੀ ਪਾਰਟੀ ਆਰ.ਜੇ.ਡੀ., ਸ਼ਿਵ ਸੈਨਾ (ਊਧਵ ਗਰੁੱਪ), ਸੀਪੀਆਈ, ਸੀਪੀਆਈ (ਐਮ) ਅਤੇ ਵੀ.ਸੀ.ਕੇ. ਵੀ ਸ਼ਾਮਲ ਹਨ। ਹਾਲਾਂਕਿ ਕਾਂਗਰਸ ਪਾਰਟੀ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਜਾਂ ਨਾ ਹੋਣ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਪਹਿਲਾਂ ਹੀ ਨਵੇਂ ਸੰਸਦ ਭਵਨ ਦੀ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਕਰਵਾਉਣ ਦੀ ਮੰਗ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਾਰਤ ਦੀਆਂ 19 ਵਿਰੋਧੀ ਸਿਆਸੀ ਪਾਰਟੀਆਂ ਨੇ ਸਾਂਝਾ ਬਿਆਨ ਜਾਰੀ ਕਰਕੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਦੋਂ ਲੋਕਤੰਤਰ ਦੀ ਆਤਮਾ ਨੂੰ ਸੰਸਦ ਵਿੱਚੋਂ ਵੱਖ ਕਰ ਦਿੱਤਾ ਗਿਆ ਹੈ ਤਾਂ ਇਸ ਨਵੀਂ ਇਮਾਰਤ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ।

