ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਰਾਜਸਥਾਨ ਨੂੰ ਮੁਫਤ ਅਤੇ ਵਾਧੂ ਪਾਣੀ ਦੇਣ ਦੇ ਆਰੋਪ ਲੱਗਣ ਲੱਗੇ ਹਨ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਆਰੋਪ ਲਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਦੇ ਨਾਗੋਰ ਤੋਂ ਸੰਸਦ ਮੈਂਬਰ ਹਨੂੰਮਾਨ ਬੈਣੀਵਾਲ ਨੂੰ ਖੁਸ਼ ਕਰਨ ਲਈ ਸਰਹਿੰਦ ਫੀਡਰ ਰਾਹੀਂ 1250 ਕਿਊਸਿਕ ਪਾਣੀ ਹੋਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਰਾਜੇਵਾਲ ਨੇ ਕਿਹਾ ਕਿ ਹਨੂੰਮਾਨ ਬੈਨੀਵਾਲ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਕੇ ਰਾਜਸਥਾਨ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਭਾਰਨ ਦੀ ਯੋਜਨਾ ਹੈ। ਇਸੇ ਕਰਕੇ ਪਿਛਲੇ ਦਿਨੀਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਹਨੂੰਮਾਨ ਬੈਨੀਵਾਲ ਦੀ ਬੇਟੀ ਦੇ ਵਿਆਹ ਵਿੱਚ ਸ਼ਾਮਲ ਹੋਏ ਸਨ। ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੇ ਨਿੱਜੀ ਸਬੰਧਾਂ ’ਤੇ ਕੋਈ ਇਤਰਾਜ਼ ਨਹੀਂ ਪਰ ਕਿਸੇ ਨੂੰ ਵੀ ਦੋਸਤੀ ਪੁਗਾਉਣ ਲਈ ਪੰਜਾਬ ਦੇ ਹਿੱਤ ਕੁਰਬਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਸੀ ਕਿ ਸੂਬੇ ਕੋਲ ਬਾਕੀ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿੱਚ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਸਖਤ ਉਪਰਾਲੇ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਸੀ ਕਿ ਜੇ ਰਾਜਸਥਾਨ ਨੂੰ ਪਾਣੀ ਦੀ ਲੋੜ ਹੈ ਤਾਂ ਉਹ ਆਪਣਾ ਤੈਅ ਹਿੱਸਾ ਹੀ ਲੈ ਸਕਦਾ ਹੈ ਕਿਉਂਕਿ ਪੰਜਾਬ ਨੂੰ ਪਹਿਲਾਂ ਹੀ ਆਪਣੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਔਖੀਆਂ ਲੱਗ ਰਹੀਆਂ ਹਨ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …