ਡਾ. ਚੀਮਾ ਬੋਲੇ : ਚੰਡੀਗੜ੍ਹ ਪਹੁੰਚਣ ’ਤੇ ਮੁੱਖ ਮੰਤਰੀ ਮਾਨ ਨੇ ਨਹੀਂ ਕੀਤਾ ਸੀ ਰਾਸ਼ਟਰਪਤੀ ਦਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਨਵੇਂ ਬਣੇ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਨੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ, ਜਦਕਿ ਆਮ ਆਦਮੀ ਪਾਰਟੀ ਨੇ ਪ੍ਰੋਗਰਾਮ ’ਚ ਰਾਸ਼ਟਰਪਤੀ ਨੂੰ ਨਾ ਸੱਦਣ ਦੇ ਚਲਦਿਆਂ ਪ੍ਰੋਗਰਾਮ ਦਾ ਬਾਈਕਾਟ ਕੀਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਸਨਮਾਨ ਵਾਲੀ ਗੱਲ ਹੈ ਅਤੇ ਇਸ ’ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਉਦਘਾਟਨੀ ਸਮਾਰੋਹ ’ਚ ਰਾਸ਼ਟਰਪਤੀ ਨੂੰ ਨਾ ਸੱਦਣ ਕਾਰਨ ਰਾਸ਼ਟਰਪਤੀ ਦੇ ਸਨਮਾਨ ਦੀ ਗੱਲ ਕਿਹੜੇ ਮੂੰਹ ਨਾਲ ਗੱਲ ਕਰ ਰਹੇ ਹਨ। ਜਦੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਪਹਿਲੀ ਵਾਰ ਚੰਡੀਗੜ੍ਹ ਆਏ ਸਨ ਤਾਂ ਮੁੱਖ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਸਵਾਗਤ ਲਈ ਵੀ ਨਹੀਂ ਸਨ ਪਹੁੰਚੇ। ਦਲਜੀਤ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਇਥੇ ਹੀ ਬੱਸ ਨਹੀਂ ਹੁੰਦੀ, ਰਾਸ਼ਟਰਪਤੀ ਜਿਸ ਰਾਜਪਾਲ ਨੂੰ ਨਿਯੁਕਤ ਕਰਦੇ ਹਨ ਉਸ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਕਿੰਨਾ ਕੁ ਸਨਮਾਨ ਦਿੰਦੇ ਹਨ ਇਹ ਵੀ ਸਭ ਦੇ ਸਾਹਮਣੇ ਹੀ ਹੈ। ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਡਾ. ਚੀਮਾ ਨੇ ਕਿਹਾ ਕਿ ਜਿਸ ਪਾਰਟੀ ਨੇ ਦੇਸ਼ ’ਚ ਐਮਰਜੈਂਸੀ ਲਗਾ ਕੇ ਲੋਕਾਂ ਦੀ ਅਵਾਜ਼ ਨੂੰ ਦਬਾਇਆ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਕੁਚਲਿਆ ਸੀ, ਉਸ ਪਾਰਟੀ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਨੂੰ ਕਿੰਨਾ ਕੁ ਸਨਮਾਨ ਦਿੱਤਾ ਜਾਂਦਾ ਸੀ ਇਸ ਬਾਰੇ ਵੀ ਸਭ ਜਾਣਦੇ ਹਨ। ਜ਼ਿਕਰਯੋਗ ਹੈ ਕਿ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਭਵਨ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਜਾਣਾ ਹੈ।