Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ : ਧਾਮੀ

ਸ਼੍ਰੋਮਣੀ ਕਮੇਟੀ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ : ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਿੱਪਣੀਆਂ ਕਰਕੇ ਸੰਗਤ ‘ਚ ਬੇਲੋੜਾ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ। ਸਿੱਖ ਸੰਸਥਾ ਦੇ ਅਧਿਕਾਰ ਖੇਤਰ ਵੱਖ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ। ਸਰਕਾਰ ਦੇ ਅਧਿਕਾਰ ਖੇਤਰ ਦੇ ਕਾਰਜਾਂ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੰਮ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਗਲਿਆਰਾ ਤੇ ਵਿਰਾਸਤੀ ਮਾਰਗ ਦੇ ਰੱਖ-ਰਖਾਅ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਹੈ। ਇਸੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਭਗਵੰਤ ਮਾਨ ‘ਤੇ ਵਰ੍ਹਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਣ ਦੇ ਲਾਈਵ ਪ੍ਰਸਾਰਣ ਦੇ ਮਾਮਲੇ ‘ਤੇ ਬੋਲਣ ਤੋਂ ਪਹਿਲਾਂ ਉਹ ਹੈਰੀਟੇਜ ਸਟਰੀਟ ‘ਤੇ ਲੱਗੀਆਂ ਸਕਰੀਨਾਂ ‘ਤੇ ਆਪਣਾ ਪ੍ਰਚਾਰ ਤੇ ਪ੍ਰਸਾਰ ਬੰਦ ਕਰਵਾਉਣ।
ਗੁਰਬਾਣੀ ਪ੍ਰਸਾਰਣ ਦੀ ਸੇਵਾ ਇਸ ਵਾਰ ਖੁੱਲ੍ਹੇ ਟੈਂਡਰ ਰਾਹੀਂ ਮਿਲੇਗੀ
ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਟੈਂਡਰ ਮੰਗੇ ਜਾਣਗੇ : ਧਾਮੀ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੁੰਦੀ ਗੁਰਬਾਣੀ ਦੇ ਪ੍ਰਸਾਰਣ ਦੀ ਸੇਵਾ ਕਿਸੇ ਵੀ ਟੀਵੀ ਚੈਨਲ ਨੂੰ ਇਸ ਵਾਰ ਟੈਂਡਰ ਰਾਹੀਂ ਮਿਲੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ।
ਦੱਸਣਯੋਗ ਹੈ ਕਿ ਹਾਲ ਹੀ ਵਿਚ ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਸ੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਆਰੋਪ ਲਾਇਆ ਸੀ ਕਿ ਆਪਣੇ ਚਹੇਤੇ ਇਕ ਚੈਨਲ ਨੂੰ ਹੀ ਪ੍ਰਸਾਰਣ ਦੀ ਸੇਵਾ ਦਿਤੀ ਹੋਈ ਹੈ, ਜਿਸ ਦਾ ਸ੍ਰੋਮਣੀ ਕਮੇਟੀ ਨੇ ਵੀ ਸਖਤ ਮੋੜਵਾਂ ਜਵਾਬ ਦਿੱਤਾ ਸੀ। ਸ੍ਰੋਮਣੀ ਕਮੇਟੀ ਵਲੋਂ ਇਕ ਟੀਵੀ ਚੈਨਲ ਨਾਲ ਇਸ ਸਬੰਧੀ ਕੀਤਾ ਹੋਇਆ ਸਮਝੌਤਾ ਜੁਲਾਈ ਮਹੀਨੇ ਵਿਚ ਖਤਮ ਹੋ ਰਿਹਾ ਹੈ।
ਇਸ ਮਾਮਲੇ ਬਾਰੇ ਸ੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਕਾਰਜ ਲਈ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜੋ ਨਿਯਮ ਅਤੇ ਸ਼ਰਤਾਂ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਸਬੰਧੀ ਕੁਝ ਲੋਕਾਂ ਵੱਲੋਂ ਜਾਣ ਬੁਝ ਕੇ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਵਿਚ ਭਾਗੀ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੀਤੇ ਅਰਸੇ ਦੌਰਾਨ ਨਿਯਮਾਂ ਤਹਿਤ ਗੁਰਬਾਣੀ ਪ੍ਰਸਾਰਣ ਦੇ ਹੱਕ ਵੱਖ-ਵੱਖ ਚੈਨਲਾਂ ਨੂੰ ਦਿੱਤੇ ਸਨ, ਜਿਸ ਤਹਿਤ ਮੌਜੂਦਾ ਸਮੇਂ ਜੀ-ਨੈਕਸਟ ਮੀਡੀਆ ਪ੍ਰਾਈਵੇਟ ਲਿਮ. ਨਾਲ ਚੱਲ ਰਿਹਾ ਇਕਰਾਰਨਾਮਾ ਜੁਲਾਈ 2023 ਤੱਕ ਹੈ। ਇਹ ਇਕਰਾਰਨਾਮਾ 24 ਜੁਲਾਈ 2012 ਨੂੰ 11 ਸਾਲ ਲਈ ਹੋਇਆ ਸੀ ਅਤੇ ਹੁਣ ਇਸ ਦੇ ਸਮਾਪਤ ਹੋਣ ‘ਤੇ ਨਵੇਂ ਸਿਰਿਓਂ ਕਾਰਵਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਕਰਾਰਨਾਮੇ ਤਹਿਤ ਇਸ ਕੰਪਨੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਵਿਦਿਆ ਫੰਡ ਲਈ 1 ਕਰੋੜ ਰੁਪਏ ਸਾਲਾਨਾ (10% ਸਾਲਾਨਾ ਵਾਧੇ ਨਾਲ) ਦੇਣਾ ਤੈਅ ਹੋਇਆ ਸੀ, ਜਿਸ ਅਨੁਸਾਰ ਬਣਦੀ ਹੁਣ ਤਕ ਦੀ ਸਾਰੀ ਰਾਸ਼ੀ ਜਮ੍ਹਾਂ ਹੋ ਚੁੱਕੀ ਹੈ।
‘ਗੁਰਬਾਣੀ ਦੇ ਪ੍ਰਸਾਰਣ ਲਈ ਮਰਿਆਦਾ ਜ਼ਰੂਰੀ’
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ, ‘ਗੁਰਬਾਣੀ ਦੇ ਪ੍ਰਸਾਰਣ ਲਈ ਇਕ ਮਰਯਾਦਾ ਬੇਹੱਦ ਲਾਜ਼ਮੀ ਹੈ, ਜਿਸ ਕਰਕੇ ਹਰ ਇਕ ਨੂੰ ਇਸ ਦੇ ਪ੍ਰਸਾਰਣ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਜਿਹੜਾ ਵੀ ਗੁਰਬਾਣੀ ਪ੍ਰਸਾਰਣ ਦੇ ਹੱਕ ਪ੍ਰਾਪਤ ਕਰੇਗਾ ਉਸ ਨੂੰ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਮਰਯਾਦਾ ਅਤੇ ਨਿਯਮਾਂ ਦਾ ਪਾਲਣਾ ਕਰਨਾ ਜ਼ਰੂਰੀ ਹੋਵੇਗਾ।
ਗੁਰਬਾਣੀ ਦਾ ਪ੍ਰਸਾਰਣ ਵਿਸ਼ਵ ਭਰ ਵਿਚ ਕਰਨਾ ਯਕੀਨੀ ਬਣਾਉਣਾ ਪਵੇਗਾ। ਦੂਸਰੇ ਪਾਸੇ ਜੇਕਰ ਖੁੱਲ੍ਹੇਆਮ ਗੁਰਬਾਣੀ ਪ੍ਰਸਾਰਣ ਦੀ ਆਗਿਆ ਦੇ ਦਿੱਤੀ ਜਾਵੇ ਤਾਂ ਮਰਯਾਦਾ ਵਿਰੁੱਧ ਕਈ ਮਾਮਲੇ ਉਭਰਨਗੇ, ਖਾਸਕਰ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਵਿਵਾਦ ਪੈਦਾ ਹੋਣਗੇ।’

 

 

Check Also

ਕੇਂਦਰ ਸਰਕਾਰ ਦੇ ਤਸ਼ੱਦਦ ਅੱਗੇ ਨਹੀਂ ਝੁਕਾਂਗੇ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। …