ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ
ਚੰਡੀਗੜ੍ਹ : ਪੰਜਾਬ ਸਰਕਾਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ‘ਤੇ ਇਕ ਨਿੱਜੀ ਚੈਨਲ ਦੇ ਏਕਾਧਿਕਾਰ ਨੂੰ ਖ਼ਤਮ ਕਰਵਾਉਣ ਦੇ ਰੌਂਅ ‘ਚ ਦਿਖਾਈ ਦੇ ਰਹੀ ਹੈ। ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਟਵੀਟ ਸਿੱਧੇ ਤੌਰ ‘ਤੇ ਅਜਿਹਾ ਹੀ ਇਸ਼ਾਰਾ ਕਰਦਾ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਸਮੇਂ-ਸਮੇਂ ‘ਤੇ ਆਪਣੇ ਸਿਆਸੀ ਭਾਸ਼ਣਾਂ ‘ਚ ਇਕ ਨਿੱਜੀ ਚੈਨਲ ‘ਤੇ ਗੁਰਬਾਣੀ ਦੇ ਪ੍ਰਸਾਰਣ ਨੂੰ ਨਿਸ਼ਾਨੇ ‘ਤੇ ਰੱਖਿਆ ਸੀ ਪਰੰਤੂ ਹੁਣ ਤਾਂ ਉਨ੍ਹਾਂ ਟਵੀਟ ਕਰਕੇ ਇਸ ਬਾਰੇ ਰਸਮੀ ਤੌਰ ‘ਤੇ ਕਦਮ ਅੱਗੇ ਵਧਾਉਣ ਦੇ ਸੰਕੇਤ ਦੇ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸਵਾਲ ਚੁੱਕਿਆ, ”ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ਼ ਇਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ… ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਪੰਜਾਬ ਸਰਕਾਰ ਤਿਆਰ ਹੈ।”
ਮਾਨ ਨੇ ਕਿਹਾ ਕਿ ‘ਸਰਬੱਤ ਦਾ ਭਲਾ’ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ ‘ਸਰਬ ਸਾਂਝੀ ਗੁਰਬਾਣੀ’ ਦਾ ਪ੍ਰਚਾਰ ਤੇ ਪਸਾਰ ਵਿਸ਼ਵ ਭਰ ‘ਚ ਕਰਨਾ ਸਮੇਂ ਦੀ ਮੁੱਖ ਲੋੜ ਹੈ।
‘ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਸਿਰਫ਼ ਇਕ ਨਿੱਜੀ ਚੈਨਲ ਨੂੰ ਹੀ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਇਹ ਅਧਿਕਾਰ ਕਿਸੇ ਇਕ ਚੈਨਲ ਤੱਕ ਸੀਮਤ ਕਰਨ ਦੀ ਬਜਾਏ ਸਾਰੇ ਚੈਨਲਾਂ ਨੂੰ ਮੁਫ਼ਤ ‘ਚ ਦਿੱਤੇ ਜਾਣੇ ਚਾਹੀਦੇ ਹਨ।’ ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼-ਵਿਦੇਸ਼ ‘ਚ ਸੰਗਤ ਨੂੰ ਆਪਣੇ ਘਰਾਂ ‘ਚ ਬੈਠ ਕੇ ਆਨੰਦਮਈ ਗੁਰਬਾਣੀ ਕੀਰਤਨ ਸਰਵਣ ਕਰਨ ਦਾ ਮੌਕਾ ਮਿਲੇਗਾ।
ਮਾਨ ਹੋਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਚੈਨਲਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਹਾਈਟੈੱਕ ਉਪਕਰਨ ਲਾਉਣ ਦਾ ਸਾਰਾ ਖ਼ਰਚਾ ਚੁੱਕਣ ਲਈ ਤਿਆਰ ਹੈ। ਗੌਰਤਲਬ ਹੈ ਕਿ ਪਹਿਲਾਂ ਵੀ ਕਈ ਸਿਆਸੀ ਪਾਰਟੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਇਕ ਨਿੱਜੀ ਚੈਨਲ ‘ਤੇ ਹੀ ਕੀਤੇ ਜਾਣ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਈ ਵਾਰ ਇਹ ਮੁੱਦਾ ਚੁੱਕਿਆ ਜ਼ਰੂਰ ਹੈ ਪਰ ਇਸ ਮੁੱਦੇ ਨੂੰ ਖਤਮ ਨਹੀਂ ਕਰ ਸਕੇ। ਸ਼੍ਰੋਮਣੀ ਅਕਾਲੀ ਦਲ ਅਜਿਹੇ ਮੁੱਦੇ ‘ਤੇ ਸਿਆਸੀ ਪਾਰਟੀਆਂ ਦਾ ਧਾਰਮਿਕ ਮਸਲਿਆਂ ‘ਚ ਦਖਲ ਦੇਣ ਦਾ ਦਾਅਵਾ ਕਰਕੇ ਮਸਲੇ ਨੂੰ ਠੰਢੇ ਬਸਤੇ ਵਿੱਚ ਪਾਉਂਦਾ ਰਿਹਾ ਸੀ।