Breaking News
Home / ਪੰਜਾਬ / ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ

ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ

ਪੰਜਾਬ ਵਿਜੀਲੈਂਸ ਬਿਊਰੋ ਨੇ 29 ਮਈ ਨੂੰ ਆਪਣਾ ਪੱਖ ਰੱਖਣ ਲਈ ਕੀਤਾ ਤਲਬ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁਖੀ ਅਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ ਜਾਰੀ ਕੀਤਾ ਹੈ। ਜਲੰਧਰ ਤੋਂ 18 ਕਿਲੋਮੀਟਰ ਦੂਰ ਜੰਗ-ਏ-ਆਜ਼ਾਦੀ ਸਮਾਰਕ ਨੂੰ ਬਣਾਉਂਦੇ ਸਮੇਂ ਫੰਡਾਂ ਦੀ ਵਰਤੋਂ ਸਬੰਧੀ ਚੱਲ ਰਹੀ ਜਾਂਚ ਦੇ ਸਬੰਧ ਵਿਚ ਪੁੱਛਗਿੱਛ ਲਈ ਉਨ੍ਹਾਂ ਨੂੰ 29 ਮਈ ਨੂੰ ਆਪਣਾ ਪੱਖ ਰੱਖਣ ਦੇ ਲਈ ਬੁਲਾਇਆ ਗਿਆ ਹੈ। ਜੰਗ-ਏ-ਅਜ਼ਾਦੀ ਸਮਾਰਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਬਣਾਇਆ ਗਿਆ ਸੀ ਅਤੇ ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਡਰੀਮ ਪ੍ਰੋਜੈਕਟ ਸੀ। ਪੰਜਾਬ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਸਾਲ ਮਾਰਚ ਮਹੀਨੇ ਇਸ ਪ੍ਰੋਜੈਕਟ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਸੀ। ਆਰੋਪ ਹੈ ਕਿ ਇਸ ਪ੍ਰੋਜੈਕਟ ਨੂੰ ਬਣਾਉਂਦੇ ਸਮੇਂ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ। ਧਿਆਨ ਰਹੇ ਕਿ ਕੁਝ ਸਮਾਂ ਪਹਿਲਾਂ ਇਸ ਸਬੰਧ ’ਚ ਜੰਗ-ਏ-ਅਜ਼ਾਦੀ ਸਮਾਰਕ ਪ੍ਰੋਜੈਕਟ ਦੀ ਪ੍ਰੰਬਧ ਕਮੇਟੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਸੀ। ਇਸ ਪ੍ਰੋਜੈਕਟ ਦਾ ਬਜਟ 315 ਕਰੋੜ ਰੁਪਏ ਦਾ ਸੀ ਅਤੇ ਇਸ ਜਾਂਚ ’ਚ ਵਿਜੀਲੈਂਸ ਬਿਊਰੋ ਨੇ 2014-2016 ਦੌਰਾਨ ਇਸ ਦੇ ਨਿਰਮਾਣ ਸਮੇਂ ਕਿੰਨੇ ਪੈਸੇ ਪਾਸ ਕੀਤੇ ਗਏ ਸਨ ਅਤੇ ਪੈਸੇ ਦਾ ਇਸਤੇਮਾਲ ਕਿਸ ਤਰ੍ਹਾਂ ਅਤੇ ਕਿੱਥੇ ਕੀਤਾ ਗਿਆ। ਇਸ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਧਰ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਸਮੂਹ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

Check Also

ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ’ਚੋਂ ਵੱਡੀ ਗਿਣਤੀ ਮੋਬਾਇਲ ਫੋਨ ਹੋਏ ਬਰਾਮਦ

ਕੈਦੀਆਂ ਨੇ ਬਾਥਰੂਮਾਂ ਵਿਚ ਛੁਪਾ ਕੇ ਰੱਖੇ ਹੋਏ ਸਨ ਮੋਬਾਇਲ ਫੋਨ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ …