Breaking News
Home / ਪੰਜਾਬ / ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਨੇ ਮੁੜ ਸੱਦਿਆ

ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਨੇ ਮੁੜ ਸੱਦਿਆ

ਸਾਬਕਾ ਮੁੱਖ ਮੰਤਰੀ ਦੀਆਂ ਵੀ ਵਧ ਸਕਦੀਆਂ ਹਨ ਮੁਸ਼ਕਲਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਹੋਈ ਹੈ। ਇਸ ਜਾਂਚ ਵਿਚ ਕਈ ਆਗੂ ਘਿਰ ਵੀ ਗਏ ਹਨ। ਇਸਦੇ ਚੱਲਦਿਆਂ ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਤਲਬ ਕੀਤਾ ਹੈ। ਧਿਆਨ ਰਹੇ ਕਿ ਇਹ ਦੋਵੇਂ ਆਗੂ ਕਾਂਗਰਸ ਛੱਡ ਕੇ ਹੁਣ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਵਿਜੀਲੈਂਸ ਰੇਂਜ ਬਠਿੰਡਾ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਨੂੰ ਤਲਬ ਕੀਤਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਬਠਿੰਡਾ ਨੇ ਪਹਿਲਾਂ ਸਾਬਕਾ ਮੰਤਰੀ ਕਾਂਗੜ ਨੂੰ 17 ਅਪਰੈਲ ਨੂੰ ਤਲਬ ਕੀਤਾ ਸੀ ਪਰ ਕਾਂਗੜ ਨੇ ਇਸ ਦਿਨ ਮੈਡੀਕਲ ਸਰਟੀਫਿਕੇਟ ਭੇਜ ਦਿੱਤਾ ਸੀ। ਉਧਰ ਦੂਜੇ ਪਾਸੇ ਵਿਜੀਲੈਂਸ ਦਫਤਰ ਮੁਹਾਲੀ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਮੁੜ 2 ਜੂਨ ਨੂੰ ਤਲਬ ਕਰ ਲਿਆ ਹੈ। ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਬਲਬੀਰ ਸਿੰਘ ਸਿੱਧੂ ਤੋਂ ਵੀ ਪੁੱਛ-ਪੜਤਾਲ ਕੀਤੀ ਜਾਣੀ ਹੈ। ਮੀਡੀਆ ਹਲਕਿਆਂ ਵਿਚ ਇਹ ਚਰਚਾ ਵੀ ਚੱਲ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਆਉਂਦੇ ਦਿਨਾਂ ਵਿਚ ਵਿਜੀਲੈਂਸ ਵਲੋਂ ਤਲਬ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸਿਆਸੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਇਨ੍ਹਾਂ ਦੋਵਾਂ ਵਲੋਂ ਇਕ ਦੂਜੇ ਨੂੰ ਚੁਣੌਤੀ ਵੀ ਦਿੱਤੀ ਜਾ ਰਹੀ ਹੈ। ਧਿਆਨ ਰਹੇ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਦਿਨੀਂ ਸਾਬਕਾ ਸੀਐਮ ਚੰਨੀ ਦੇ ਭਾਣਜੇ ’ਤੇ ਪੰਜਾਬ ਦੇ ਇਕ ਖਿਡਾਰੀ ਕੋਲੋਂ ਨੌਕਰੀ ਲਗਾਉਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਆਰੋਪ ਵੀ ਲਗਾਏ ਸਨ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।