ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਸੀਬੀਆਈ ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਸਿਸੋਦੀਆ ’ਤੇ ਲੱਗੇ ਆਰੋਪ ਬੇਹੱਦ ਗੰਭੀਰ ਹਨ। ਉਹ ਇਕ ਪਾਵਰਫੁੱਲ ਵਿਅਕਤੀ ਹੈ ਅਤੇ ਜੇਕਰ ਉਸ ਨੂੰ ਜ਼ਮਾਨਤ ਮਿਲਦੀ ਹੈ ਤਾਂ ਗਵਾਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੁਣਵਾਈ ਦੌਰਾਨ ਸੀਬੀਆਈ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਸਿਸੋਦੀਆ ਦੇ ਆਬਕਾਰੀ ਵਿਭਾਗ ਦੇ ਦਫਤਰਾਂ ਅਤੇ ਨੌਕਰਸ਼ਾਹਾਂ ਨਾਲ ਗੂੜ੍ਹੇ ਸਬੰਧ ਹਨ। ਉਨ੍ਹਾਂ ’ਤੇ ਸਿਸੋਦੀਆ ਦਾ ਪ੍ਰਭਾਵ ਅਤੇ ਦਬਦਬਾ ਸਪੱਸ਼ਟ ਹੈ। ਇਹ ਵੀ ਦੱਸਿਆ ਗਿਆ ਹੈ ਕਿ ਉਚੇ ਅਹੁਦਿਆਂ ’ਤੇ ਬੈਠੇ ਸਿਸੋਦੀਆ ਦੀ ਪਾਰਟੀ ਦੇ ਸਹਿਯੋਗੀ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਗਲਤ ਦਾਅਵੇ ਵੀ ਕਰ ਰਹੇ ਹਨ। ਉਹ ਇਹ ਕਹਿ ਰਹੇ ਹਨ ਕਿ ਸਿਸੋਦੀਆ ਰਾਜਨੀਤਕ ਬਦਲਾਖੋਰੀ ਦਾ ਸ਼ਿਕਾਰ ਹੋਏ ਹਨ। ਉਧਰ ਦੂਜੇ ਪਾਸੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਸਬੰਧੀ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।