ਕੇਜਰੀਵਾਲ ਦੀ ਅਗਵਾਈ ’ਚ ਭਗਵੰਤ ਮਾਨ ਦੀ ਰਿਹਾਇਸ਼ ’ਤੇ ਇਕੱਠੇ ਹੋਣਗੇ ‘ਆਪ’ ਦੇ ਮੰਤਰੀ ਤੇ ਵਿਧਾਇਕ
ਚੰਡੀਗੜ੍ਹ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਕੇਂਦਰ ਦੇ ਆਰਡੀਨੈਂਸ ਖਿਲਾਫ਼ ਵਿਚਾਰ-ਚਰਚਾ ਕਰੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਰਾਜ ਸਭਾ ਮੈਂਬਰ ਅਤੇ ਲੋਕ ਸਭਾ ਮੈਂਬਰ ਤੋਂ ਇਲਾਵਾ ਪੰਜਾਬ ਦੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਰਹਿਣਗੇ। ਰਾਤ ਦੇ ਖਾਣੇ ਦੀ ਮੇਜ਼ਬਾਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰੀ ਰਿਹਾਇਸ਼ ’ਤੇ ਕੀਤੀ ਜਾਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਤ ਦੇ ਖਾਣੇ ਲਈ ਜਿਨ੍ਹਾਂ ਨੂੰ ਵੀ ਸੱਦਾ ਭੇਜਿਆ ਗਿਆ ਹੈ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਰੱਖੇ ਗਏ ਰਾਤ ਦੇ ਖਾਣੇ ਦਾ ਮੁੱਖ ਮਕਸਦ ਦਿੱਲੀ ਵਿਚ ਅਧਿਕਾਰੀਆਂ ’ਤੇ ਕੰਟਰੋਲ ਰੱਖਣ ਲਈ ਕੇਂਦਰ ਵੱਲੋਂ ਲਿਆਂਦੇ ਆਰਡੀਨੈਂਸ ਤੋਂ ਵੀ ਜਾਣੂ ਕਰਵਾਉਣਾ ਹੈ। ਜਲੰਧਰ ਉਪ ਚੋਣ ਵਿਚ ਪਾਰਟੀ ਦੀ ਸਫਲਤਾ ਦਾ ਜਸ਼ਨ ਮਨਾਉਣ ਦੇ ਨਾਲ-ਨਾਲ ਪੰਜਾਬ ਦੇ ਆਗੂਆਂ ਨੂੰ ਪਾਰਟੀ ਖਿਲਾਫ ਲਿਆਂਦੇ ਗਏ ‘ਆਰਡੀਨੈਂਸ ਦੇ ਨੁਕਸਾਨ’ ਤੋਂ ਵੀ ਜਾਣੂ ਕਰਵਾਇਆ ਜਾਣਾ ਹੈ। ਪਤਾ ਲੱਗਾ ਹੈ ਕਿ ਆਰਡੀਨੈਂਸ ਵਿਰੁੱਧ ਡੀਐੱਮਕੇ ਅਤੇ ਬੀਜੇਡੀ ਦਾ ਸਮਰਥਨ ਹਾਸਲ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਰਵਾਰ ਨੂੰ ਤਾਮਿਲਨਾਡੂ ਅਤੇ ਉੜੀਸਾ ਲਈ ਰਵਾਨਾ ਹੋਣਗੇ।