2.1 C
Toronto
Friday, November 14, 2025
spot_img
Homeਪੰਜਾਬਪੰਜਾਬ ਮੰਤਰੀ ਮੰਡਲ ਦਾ ਵਿਸਥਾਰ

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ

ਗੁਰਮੀਤ ਸਿੰਘ ਖੁੱਡੀਆ ਤੇ ਬਲਕਾਰ ਸਿੰਘ ਨਵੇਂ ਮੰਤਰੀ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਬੁੱਧਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ‘ਆਪ’ ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੇ ਸੂਬੇ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਗੁਰਮੀਤ ਸਿੰਘ ਖੁੱਡੀਆ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਲੰਬੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਇਸੇ ਤਰ੍ਹਾਂ ਬਲਕਾਰ ਸਿੰਘ ਜਲੰਧਰ ਜ਼ਿਲ੍ਹੇ ਦੀ ਕਰਤਾਰਪੁਰ ਰਾਖਵੀਂ ਸੀਟ ਤੋਂ ਵਿਧਾਇਕ ਹਨ। ਉਹ ਸਾਬਕਾ ਪੁਲਿਸ ਅਧਿਕਾਰੀ ਹਨ ਤੇ ਸੇਵਾਮੁਕਤ ਹੋਣ ਤੋਂ ਬਾਅਦ 2021 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਪਹਿਲੀ ਵਾਰ ਵਿਧਾਇਕ ਬਣੇ ਹਨ। ਪੰਜਾਬ ਵਿੱਚ 14 ਮਹੀਨੇ ਪੁਰਾਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਤੀਜਾ ਮੰਤਰੀ ਮੰਡਲ ਦਾ ਵਿਸਥਾਰ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਡਾ. ਵਿਜੇ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਵੀ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

RELATED ARTICLES
POPULAR POSTS