ਨਵਜੋਤ ਸਿੱਧੂ ਨੇ ਭਗਵੰਤ ਮਾਨ ਨੂੰ ਦੱਸਿਆ ਹੰਕਾਰੀ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮਿ੍ਰਤਸਰ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਮੰਤਰੀ ਅਹੁਦੇ ਤੋਂ ਮੰਗਲਵਾਰ ਦੇਰ ਸ਼ਾਮ ਨੂੰ ਅਸਤੀਫਾ ਦੇ ਦਿੱਤਾ ਸੀ। ਡਾ. ਨਿੱਜਰ ਹੋਰਾਂ ਕੋਲ ਸਥਾਨਕ ਸਰਕਾਰਾਂ ਸਬੰਧੀ ਮੰਤਰਾਲਾ ਸੀ, ਪਰ ਉਨ੍ਹਾਂ ਦੇ ਅਸਤੀਫੇ ਨੂੰ ਨਿੱਜੀ ਕਾਰਨ ਹੀ ਦੱਸਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਵਿਰੋਧੀ ਪਾਰਟੀਆਂ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਡਾ. ਨਿੱਜਰ ਨੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿਚ ਬਿਆਨ ਦਿੱਤਾ ਸੀ ਅਤੇ ਤਾਂ ਹੀ ਉਨ੍ਹਾਂ ਕੋਲੋਂ ਅਸਤੀਫਾ ਲਿਆ ਗਿਆ ਹੈ। ਧਿਆਨ ਰਹੇ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਵਿਜੀਲੈਂਸ ਨੇ ਡਾ ਹਮਦਰਦ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੋਇਆ ਹੈ, ਜਿਸ ਦਾ ਚੁਫੇਰਿਓ ਵਿਰੋਧ ਵੀ ਹੋ ਰਿਹਾ ਹੈ। ਇਸਦੇ ਚੱਲਦਿਆਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਡਾ. ਇੰਦਰਬੀਰ ਸਿੰਘ ਨਿੱਜਰ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੰਕਾਰੀ ਮੁੱਖ ਮੰਤਰੀ ਦੱਸਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਡਾ. ਨਿੱਜਰ ਹੋਰਾਂ ਨੇ ਬਰਜਿੰਦਰ ਸਿੰਘ ਹਮਦਰਦ ਦਾ ਸਮਰਥਨ ਕੀਤਾ ਅਤੇ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ।