Breaking News
Home / ਪੰਜਾਬ / ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਨੇ ਮੁੜ ਸੱਦਿਆ

ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਨੇ ਮੁੜ ਸੱਦਿਆ

ਸਾਬਕਾ ਮੁੱਖ ਮੰਤਰੀ ਦੀਆਂ ਵੀ ਵਧ ਸਕਦੀਆਂ ਹਨ ਮੁਸ਼ਕਲਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਹੋਈ ਹੈ। ਇਸ ਜਾਂਚ ਵਿਚ ਕਈ ਆਗੂ ਘਿਰ ਵੀ ਗਏ ਹਨ। ਇਸਦੇ ਚੱਲਦਿਆਂ ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਤਲਬ ਕੀਤਾ ਹੈ। ਧਿਆਨ ਰਹੇ ਕਿ ਇਹ ਦੋਵੇਂ ਆਗੂ ਕਾਂਗਰਸ ਛੱਡ ਕੇ ਹੁਣ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਵਿਜੀਲੈਂਸ ਰੇਂਜ ਬਠਿੰਡਾ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਨੂੰ ਤਲਬ ਕੀਤਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਬਠਿੰਡਾ ਨੇ ਪਹਿਲਾਂ ਸਾਬਕਾ ਮੰਤਰੀ ਕਾਂਗੜ ਨੂੰ 17 ਅਪਰੈਲ ਨੂੰ ਤਲਬ ਕੀਤਾ ਸੀ ਪਰ ਕਾਂਗੜ ਨੇ ਇਸ ਦਿਨ ਮੈਡੀਕਲ ਸਰਟੀਫਿਕੇਟ ਭੇਜ ਦਿੱਤਾ ਸੀ। ਉਧਰ ਦੂਜੇ ਪਾਸੇ ਵਿਜੀਲੈਂਸ ਦਫਤਰ ਮੁਹਾਲੀ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਮੁੜ 2 ਜੂਨ ਨੂੰ ਤਲਬ ਕਰ ਲਿਆ ਹੈ। ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਬਲਬੀਰ ਸਿੰਘ ਸਿੱਧੂ ਤੋਂ ਵੀ ਪੁੱਛ-ਪੜਤਾਲ ਕੀਤੀ ਜਾਣੀ ਹੈ। ਮੀਡੀਆ ਹਲਕਿਆਂ ਵਿਚ ਇਹ ਚਰਚਾ ਵੀ ਚੱਲ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਆਉਂਦੇ ਦਿਨਾਂ ਵਿਚ ਵਿਜੀਲੈਂਸ ਵਲੋਂ ਤਲਬ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸਿਆਸੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਇਨ੍ਹਾਂ ਦੋਵਾਂ ਵਲੋਂ ਇਕ ਦੂਜੇ ਨੂੰ ਚੁਣੌਤੀ ਵੀ ਦਿੱਤੀ ਜਾ ਰਹੀ ਹੈ। ਧਿਆਨ ਰਹੇ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਦਿਨੀਂ ਸਾਬਕਾ ਸੀਐਮ ਚੰਨੀ ਦੇ ਭਾਣਜੇ ‘ਤੇ ਪੰਜਾਬ ਦੇ ਇਕ ਖਿਡਾਰੀ ਕੋਲੋਂ ਨੌਕਰੀ ਲਗਾਉਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਆਰੋਪ ਵੀ ਲਗਾਏ ਸਨ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …