Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਵਿਰੋਧੀ ਧਿਰਾਂ ’ਤੇ ਸਾਧਿਆ ਸਿਆਸੀ ਨਿਸ਼ਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਵਿਰੋਧੀ ਧਿਰਾਂ ’ਤੇ ਸਾਧਿਆ ਸਿਆਸੀ ਨਿਸ਼ਾਨ

ਕਿਹਾ : ਸਾਰੀਆਂ ਵਿਰੋਧੀ ਧਿਰਾਂ ਦੇ ਆਗੂ ‘ਇਕੋ ਥਾਲੀ ਦੇ ਚੱਟੇ-ਬੱਟੇ’
ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਦਿਨੀਂ ਜਲੰਧਰ ਵਿਚ ਡਾ.ਬਰਜਿੰਦਰ ਸਿੰਘ ਹਮਦਰਦ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨ ਲਈ ਸਮੂਹ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਇਕ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਭਾਜਪਾ, ਬਸਪਾ ਦੇ ਆਗੂ ਇਕ ਸਾਂਝੀ ਸਟੇਜ ’ਤੇ ਇਕੱਠੇ ਹੋਏ ਸਨ ਅਤੇ ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਨਿਸ਼ਾਨੇ ਸਾਧੇ ਸਨ। ਇਸ ਮੀਟਿੰਗ ਦੇ ਹਵਾਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਟਵੀਟ ਕਰਕੇ ਇਨ੍ਹਾਂ ਸਾਰਿਆਂ ਨੂੰ ‘ਇਕੋ ਥਾਲੀ ਦੇ ਚੱਟੇ-ਬੱਟੇ’ ਕਰਾਰ ਦਿੱਤਾ ਹੈ। ਮਾਨ ਨੇ ਟਵੀਟ ਵਿੱਚ ਹਾਲਾਂਕਿ ਕਿਸੇ ਵੀ ਆਗੂ ਦਾ ਸਿੱਧਾ ਨਾਮ ਨਹੀਂ ਲਿਆ। ਉਨ੍ਹਾਂ ਟਵੀਟ ’ਚ ਲਿਖਿਆ ਕਿ ‘‘ਜਦੋਂ…ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ, ਧਾਰਮਿਕ ਅਸਥਾਨਾਂ ’ਤੇ ਟੈਂਕ ਚੜਾਉਣ ਵਾਲੇ, ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ, ਦੇਸ਼ ਨੂੰ ਧਰਮ ਦੇ ਨਾਮ ’ਤੇ ਲੜਾਉਣ ਵਾਲੇ, ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ ਸਮਗਲਰਾਂ ਨੂੰ ਗੱਡੀਆਂ ’ਚ ਬਿਠਾਉਣ ਵਾਲੇ, ਗੱਲ ਗੱਲ ’ਤੇ ਤਾਲ਼ੀ ਠੁਕਵਾਉਣ ਵਾਲੇ, ਸ਼ਹੀਦਾਂ ਦੀਆਂ ਯਾਦਗਾਰਾਂ ’ਚੋਂ ਪੈਸੇ ਕਮਾਉਣ ਵਾਲੇ ਸਾਰੇ ਇਕੱਠੇ ਹੋਵਣ ਤਾਂ ਇਹਨੂੰ ਕਹਿੰਦੇ ਆ ‘‘ਇੱਕੋ ਥਾਲ਼ੀ ਦੇ ਚੱਟੇ-ਵੱਟੇ’’। ਚੇਤੇ ਰਹੇ ਕਿ ਪੰਜਾਬ ਵਿਜੀਲੈਂਸ ਨੇ ਜੰਗ-ਏ-ਆਜ਼ਾਦੀ ਯਾਦਗਾਰ ’ਤੇ ਖਰਚ ਫੰਡਾਂ ਦੀ ਜਾਂਚ ਲਈ ਪਿਛਲੇ ਹਫ਼ਤੇ ਡਾ.ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ ਜਾਰੀ ਕੀਤਾ ਸੀ। ਸੂਬਾ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕਰਨ ਲਈ ਵੱਖ ਵੱਖ ਪਾਰਟੀਆਂ ਦੇ ਆਗੂ ਲੰਘੇ ਦਿਨੀਂ ਜਲੰਧਰ ਵਿੱਚ ਇਕੱਤਰ ਹੋਏ ਸਨ। ਇਸ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਇਕ-ਦੂਜੇ ਨੂੰ ਜੱਫੀ ਪਾ ਕੇ ਮਿਲੇ ਸਨ ਜੋ ਕਿ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …