Breaking News
Home / ਪੰਜਾਬ / ਐਸਜੀਪੀਸੀ ਚੋਣਾਂ ’ਚ ਬਹੁਕੋਣਾ ਮੁਕਾਬਲਾ ਹੋਣ ਦੇ ਆਸਾਰ

ਐਸਜੀਪੀਸੀ ਚੋਣਾਂ ’ਚ ਬਹੁਕੋਣਾ ਮੁਕਾਬਲਾ ਹੋਣ ਦੇ ਆਸਾਰ

ਅਕਾਲੀ ਦਲ ਲਈ ਸੌਖਾ ਨਹੀਂ ਹੋਵੇਗਾ ਚੋਣਾਂ ਦਾ ਰਾਹ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਾਸਤੇ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਇਕ ਵੱਡੀ ਚੁਣੌਤੀ ਸਾਬਤ ਹੋ ਸਕਦੀਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐੱਸਐੱਸ ਸਾਰੋਂ ਨੇ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਅਮਲ ਸ਼ੁਰੂ ਕਰਵਾਉਣ ਲਈ ਆਖ ਦਿੱਤਾ ਹੈ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਸਕੱਤਰ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰਨਾਂ ਨੂੰ ਪੱਤਰ ਭੇਜ ਕੇ ਨਿਰਦੇਸ਼ ਦਿੱਤੇ ਹਨ ਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਾਉਣ ਵਾਸਤੇ ਵੋਟਰ ਸੂਚੀਆਂ ਬਣਾਉਣ ਦੀ ਪ੍ਰਕਿਰਿਆ ਆਰੰਭੀ ਜਾਵੇ। ਭਾਵੇਂ ਅਜਿਹੀ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਸਮਾਂ ਲੱਗੇਗਾ, ਪਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਧਿਰਾਂ ਵੀ ਹੁਣ ਛੇਤੀ ਹੀ ਸਰਗਰਮੀਆਂ ਵਧਾ ਦੇਣਗੀਆਂ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਵਾਸਤੇ ਵੀ ਇੱਕ ਵੱਡੀ ਚੁਣੌਤੀ ਬਣ ਕੇ ਉਭਰ ਸਕਦੀਆਂ ਹਨ, ਕਿਉਂਕਿ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਕਾਰਜਕਾਲ ਸਮੇਂ ਪਾਰਟੀ ਦੇ ਕਈ ਕੱਦਾਵਰ ਆਗੂ ਅਕਾਲੀ ਦਲ ਨੂੰ ਛੱਡ ਕੇ ਹੋਰਨਾਂ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਇਸ ਵੇਲੇ ਕੁੱਲ 191 ਮੈਂਬਰ ਹਨ, ਜਿਨ੍ਹਾਂ ’ਚੋਂ 170 ਚੁਣ ਕੇ ਆਉਂਦੇ ਹਨ ਤੇ 15 ਨਾਮਜ਼ਦ ਕੀਤੇ ਜਾਂਦੇ ਹਨ। ਪੰਜ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੀ ਸਦਨ ਦੇ ਮੈਂਬਰ ਹਨ। ਹਾਲ ਹੀ ਵਿੱਚ ਸਰਵ ਉੱਚ ਅਦਾਲਤ ਵੱਲੋਂ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਮਗਰੋਂ ਹੁਣ ਕੁਲ ਗਿਣਤੀ ਵਿੱਚ ਹਰਿਆਣਾ ਦੇ ਮੈਂਬਰਾਂ ਦੀ ਗਿਣਤੀ ਸ਼ਾਮਲ ਨਹੀਂ ਹੋਵੇਗੀ। ਇਸ ਲਿਹਾਜ਼ ਨਾਲ ਇਸ ਵਾਰ ਮੁਕਾਬਲਾ ਬਹੁ-ਕੋਣਾ ਹੋਣ ਦੇ ਆਸਾਰ ਹਨ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਅਗਾਮੀ ਚੋਣਾਂ ਜਥੇਬੰਦੀ ਵਾਸਤੇ ਕੋਈ ਨਵੀਂ ਚੁਣੌਤੀ ਨਹੀਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਕਈ ਵਾਰ ਅਜਿਹੀ ਸਥਿਤੀ ਨੂੰ ਨਜਿੱਠ ਚੁੱਕਿਆ ਹੈ।

 

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …